ਸੀ.ਬੀ.ਆਈ. ਨੂੰ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਨ ਲਈ ਕਿਹਾ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਨਜ਼ਰਬੰਦ ਬੀ.ਆਰ.ਐੱਸ. ਆਗੂ ਕੇ ਕਵਿਤਾ ਖ਼ਿਲਾਫ਼ ਦਾਇਰ ਪੂਰਕ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਸ ਕੇਸ ਵਿਚ ਉਸ (ਕਵਿਤਾ) ਵਿਰੁੱਧ ਕਾਰਵਾਈ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ। ਜੱਜ ਨੇ ਸੀ.ਬੀ.ਆਈ. ਨੂੰ ਕਵਿਤਾ ਨੂੰ ਸਪਲੀਮੈਂਟਰੀ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਨ ਦਾ ਵੀ ਨਿਰਦੇਸ਼ ਦਿੱਤਾ। ਇਸ ਮੌਕੇ ਕਵਿਤਾ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ‘ਤੇ ਦੱਖਣੀ ਸਮੂਹ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨਾਲ ਮਿਲ ਕੇ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਤਹਿਤ ਸ਼ਰਾਬ ਦੇ ਲਾਇਸੈਂਸ ਲੈਣ ਲਈ ਆਮ ਆਦਮੀ ਪਾਰਟੀ ਨੂੰ ਹਿੱਸੇ ਵਜੋਂ 100 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਸੀ। ‘ਆਪ’ ‘ਤੇ ਇਸ ਪੈਸੇ ਦਾ ਇੱਕ ਹਿੱਸਾ ਕਥਿਤ ਤੌਰ ‘ਤੇ 2022 ਗੋਆ ਵਿਧਾਨ ਸਭਾ ਚੋਣ ਮੁਹਿੰਮ ਲਈ ਖਰਚ ਕਰਨ ਦੇ ਦੋਸ਼ ਲੱਗੇ ਸਨ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ 15 ਮਾਰਚ ਨੂੰ ਹੈਦਰਾਬਾਦ ਵਿਚ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਨੇ 11 ਅਪ੍ਰੈਲ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।