#AUSTRALIA

ਆਸਟ੍ਰੇਲੀਆ ਸਰਕਾਰ ਵੱਲੋਂ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ!

ਸਿਡਨੀ, 29 ਜੁਲਾਈ (ਪੰਜਾਬ ਮੇਲ)- ਆਸਟ੍ਰੇਲੀਆ ਵਿਚ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਵਿਰੁੱਧ ਵਧ ਰਹੇ ਨਸਲੀ ਦੁਰਵਿਹਾਰ ਅਤੇ ਧਮਕੀਆਂ ਦੇ ਮਾਮਲਿਆਂ ਮਗਰੋਂ ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਕਰਮਚਾਰੀ ਨਾਲ ਉਸ ਦੀ ਨਸਲ ਜਾਂ ਮੂਲ ਦੇ ਆਧਾਰ ‘ਤੇ ਭੇਦਭਾਵ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਹੋਰ ਮਜ਼ਬੂਤ ਪ੍ਰਬੰਧ ਕਰ ਰਹੀ ਹੈ।
ਸਰਕਾਰ ਨੇ ਐਲਾਨ ਕੀਤਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਲਈ ਸਹਾਇਤਾ ਕੇਂਦਰਾਂ ਦਾ ਵਿਸਥਾਰ ਕੀਤਾ ਜਾਵੇਗਾ। ਅਜਿਹੇ ਮਾਲਕਾਂ ਖ਼ਿਲਾਫ਼ ਵੀ ਕਾਰਵਾਈ ਹੋਵੇਗੀ, ਜੋ ਸ਼ੋਸ਼ਣ ਦੀ ਸ਼ਿਕਾਇਤ ਕਰਨ ਵਾਲੇ ਕਰਮਚਾਰੀਆਂ ਨੂੰ ਵੀਜ਼ਾ ਰੱਦ ਕਰਨ ਦੀ ਧਮਕੀ ਦਿੰਦੇ ਹਨ। ਟੋਨੀ ਬਰਕ ਨੇ ਕਿਹਾ ਕਿ ਹਰ ਕਰਮਚਾਰੀ ਨੂੰ ਡਰ ਤੋਂ ਬਿਨਾਂ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ।
ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਿੱਖੀ ਬਹਿਸ ਛਿੜ ਗਈ ਹੈ। ਲੋਕਾਂ ਨੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨਸਲੀ ਨਫ਼ਰਤ ਖ਼ਿਲਾਫ਼ ਸਖ਼ਤ ਕਦਮ ਲਾਜ਼ਮੀ ਹਨ। ਉੱਥੇ ਹੀ ਕੁਝ ਲੋਕਾਂ ਨੇ ਸਰਕਾਰ ਦੇ ਫ਼ੈਸਲੇ ‘ਤੇ ਟਿੱਪਣੀਆਂ ਵਿਚ ਭਾਰਤੀ ਮੂਲ ਦੇ ਡਰਾਈਵਰਾਂ ਦੇ ਡਰਾਈਵਿੰਗ ਮਿਆਰਾਂ ਅਤੇ ਸੜਕ ਸੁਰੱਖਿਆ ਬਾਰੇ ਚਿੰਤਾ ਵੀ ਪ੍ਰਗਟਾਈ ਹੈ।
ਇਸ ਮੁੱਦੇ ਨੇ ਇੱਕ ਵਾਰ ਫਿਰ ਆਸਟ੍ਰੇਲੀਆ ਵਿਚ ਪ੍ਰਵਾਸੀ ਕਰਮਚਾਰੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰੀ ਦੇ ਅਧਿਕਾਰਾਂ ਬਾਰੇ ਕੌਮੀ ਪੱਧਰ ‘ਤੇ ਚਰਚਾ ਨੂੰ ਤੇਜ਼ ਕਰ ਦਿੱਤਾ ਹੈ।