-ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਕਿ ਦੀ ਪੰਜਾਬ ਸਰਕਾਰ ਨੇ ਲਾਈ ਪਾਬੰਦੀ
ਲਾਹੌਰ, 8 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੁਰੱਖਿਆ ਕਾਰਨਾਂ ਕਰਕੇ 18 ਅਕਤੂਬਰ ਤੱਕ ਉਸ ਦੇ ਪਰਿਵਾਰਕ ਮੈਂਬਰਾਂ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨਾਲ ਮਿਲਣ ‘ਤੇ ਪਾਬੰਦੀ ਲਗਾ ਦਿੱਤੀ ਹੈ ਕਿਉਂਕਿ ਇਮਰਾਨ ਦੀ ਪਾਰਟੀ ਕਈ ਸ਼ਹਿਰਾਂ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਅਗਸਤ, 2023 ਤੋਂ ਕਈ ਮਾਮਲਿਆਂ ਸਬੰਧੀ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਬੰਦ ਹਨ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪੀਟੀਆਈ ‘ਤੇ 15 ਅਤੇ 16 ਅਕਤੂਬਰ ਨੂੰ ਇਸਲਾਮਾਬਾਦ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਸੰਮੇਲਨ ‘ਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ, ”ਜੇਲ੍ਹ ਵਿਚ ਬੰਦ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 18 ਅਕਤੂਬਰ ਤੱਕ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਆਪਣੇ ਪਰਿਵਾਰ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।”
ਪੀ.ਟੀ.ਆਈ. ਦੇ ਇੱਕ ਬੁਲਾਰੇ ਨੇ ਕਿਹਾ ਕਿ ਇਮਰਾਨ ਦੀ ਕਾਨੂੰਨੀ ਟੀਮ ਅਦਾਲਤ ਵਿਚ ਇੱਕ ਪਟੀਸ਼ਨ ਦਾਇਰ ਕਰੇਗੀ, ਜਿਸ ਵਿਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਨਾਲ ਮੁਲਾਕਾਤਾਂ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਜਾਵੇਗੀ।