ਅੰਮ੍ਰਿਤਸਰ, 21 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲੀਸ ਚੌਕੀ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ ‘ਤੇ ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕੱਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਤੇ ਗੈਰ-ਜ਼ੁੰਮੇਵਰਾਨਾ ਹਰਕਤ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅੰਦਰ ਘੱਟਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ਨਾਲ ਨਫਤਰੀ ਵਤੀਰੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੁਝ ਫ਼ਿਰਕੂ ਮਾਨਸਿਕਤਾ ਵਾਲੇ ਲੋਕ ਅਜਿਹੀਆਂ ਹਰਕਤਾਂ ਕਰਕੇ ਸਮਾਜਿਕ ਭਾਈਚਾਰੇ ਨੂੰ ਵੀ ਸੱਟ ਮਾਰਦੇ ਹਨ, ਜੋ ਦੇਸ਼ ਹਿੱਤ ਵਿਚ ਨਹੀਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਦੀ ਰਖਵਾਲੀ ਕਰਨਾ ਹੈ ਪਰ ਜਦੋਂ ਕੋਈ ਪੁਲਿਸ ਅਧਿਕਾਰੀ ਜਾਣਬੁੱਝ ਕੇ ਇੱਕ ਖਾਸ ਭਾਈਚਾਰੇ ਨਾਲ ਗ਼ਲਤ ਤਰੀਕੇ ਪੇਸ਼ ਆਉਂਦਾ ਹੈ, ਤਾਂ ਇਹ ਹੋਰ ਵੀ ਮੰਦਭਾਗਾ ਹੈ। ਐਡਵੋਕੇਟ ਧਾਮੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਬੰਧਤ ਪੁਲਿਸ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।