ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪ੍ਰੈਲ ਵਿਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿਚ ਰੱਖਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ‘ਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।