ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਐੱਨ.ਆਰ.ਆਈ. ਸੁਖਚੈਨ ਸਿੰਘ ਦੇ ਹਮਲੇ ਤੋਂ ਬਾਅਦ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ‘ਤੇ ਕਈ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਸਨ ਕਿ ਐੱਨ.ਆਰ.ਆਈ. ਤਾਂ ਆਪਣੇ ਘਰ ਵਿਚ ਹੀ ਸੁਰੱਖਿਅਤ ਨਹੀਂ ਹਨ ਪਰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਮੁਸ਼ਤੈਦੀ ਦਿਖਾਉਂਦੇ ਹੋਏ ਪੰਜ ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਹ ਇੱਕ ਸੁਪਾਰੀ ਕਿਲਿੰਗ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਐੱਨ.ਆਰ.ਆਈ. ਪਾਰਟੀ ਵੱਲੋਂ ਇਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਦੋਵੇਂ ਸੁਪਾਰੀ ਕਿਲਰਾਂ ਨੂੰ ਫੜਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਜਲਦ ਤੋਂ ਜਲਦ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਜਿਸ ਲੜੀ ਤਹਿਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੁਖਚੈਨ ਸਿੰਘ ਦੇ ਪਹਿਲੇ ਸਹੁਰੇ ਪਰਿਵਾਰ ਦੇ ਇਕ ਮੈਂਬਰ ਨੂੰ ਅਤੇ ਇਕ ਉਹ ਨੌਜਵਾਨ ਜਿਸ ਵੱਲੋਂ ਪਹਿਲਾਂ ਇਨ੍ਹਾਂ ਨੂੰ ਪਨਾਹ ਦਿੱਤੀ ਗਈ ਸੀ ਅਤੇ ਕੁਝ ਹੋਟਲ ਦੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਵੱਲੋਂ ਬਿਨਾਂ ਦਸਤਾਵੇਜ਼ ਲੈ ਕੇ ਇਨ੍ਹਾਂ ਨੂੰ ਹੋਟਲ ਦਾ ਕਮਰਾ ਦਿੱਤਾ ਗਿਆ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਸੁਪਾਰੀ ਕਿਲਿੰਗ ਦਾ ਮਾਮਲਾ ਹੈ ਅਤੇ 25 ਹਜ਼ਾਰ ਦੇ ਕਰੀਬ ਇੱਕ ਟਰਾਂਜਿਸ਼ਨ ਵਿਦੇਸ਼ ‘ਚ ਬੈਠ ਕੇ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੁਪਾਰੀ ਸੁਖਚੈਨ ਸਿੰਘ ਦੇ ਪਹਿਲੇ ਸਹੁਰੇ ਪਰਿਵਾਰ ਵੱਲੋਂ ਦਿੱਤੀ ਗਈ ਹੈ ਕਿਉਂਕਿ ਸੁਖਚੈਨ ਸਿੰਘ ਦੀ ਪਹਿਲੀ ਧਰਮ ਪਤਨੀ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ ਅਤੇ ਉਸਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਉਸ ਦੇ ਪਹਿਲੇ ਸਹੁਰੇ ਪਰਿਵਾਰ ਵੱਲੋਂ ਦਿਤੀਆਂ ਜਾ ਰਹੀਆਂ ਸਨ। ਪੁਲਿਸ ਨੇ ਕਿਹਾ ਕਿ ਅਸੀਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਲਾਖਾਂ ਪਿੱਛੇ ਭੇਜਾਂਗੇ ਅਤੇ ਪੰਜ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸ਼ੂਟਰ ਇੱਕ ਜਲੰਧਰ ਅਤੇ ਇਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ।