#CANADA

ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ

ਸਰੀ, 12 ਜੂਨ (ਹਰਦਮ ਮਾਨ/ਪੰਜਾਬ ਮੇਲ)- ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਅਤੇ ਉਨ੍ਹਾਂ ਦੇ ਸਹਾਇਕ ਬੀਤੇ ਦਿਨੀਂ ਕੁਝ ਹੋਰ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਵੀ ਨਤਮਸਤਕ ਹੋਏ। ਉਹ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਅਤੇ ਕਲਚਰ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ ਧਰਮ ਅਤੇ ਆਪਣੀ ਕਮਿਊਨਿਟੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਿੱਖ ਧਰਮ ਬਾਰੇ ਕੁਝ ਸਵਾਲ ਪੁੱਛੇ।
ਅਧਿਆਪਕਾਂ ਨੇ ਕਿਹਾ ਕਿ ਗਿਆਨ ਅਤੇ ਸੋਚ ਵਿਚ ਬਹੁਤ ਵਾਧਾ ਕਰਨ ਲਈ ਵੱਖ-ਵੱਖ ਧਰਮਾਂ ਬਾਰੇ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਮਾਣ-ਸਤਿਕਾਰ ਕਰਨ ਲਈ ਬਲਵੰਤ ਸਿੰਘ ਸੰਘੇੜਾ ਅਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਕੁਝ ਯਾਦਗਾਰੀ ਤਸਵੀਰਾਂ ਖਿੱਚੀਆਂ ਅਤੇ ਗੁਰੂ ਕੇ ਲੰਗਰ ਦਾ ਆਨੰਦ ਮਾਣਿਆ।