#PUNJAB

ਕਸਟਡੀ ਪੈਰੋਲ ਦੀ ਪ੍ਰਵਾਨਗੀ ਮਿਲਣ ਦੇ ਬਾਵਜੂਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਹੀਂ ਪੁੱਜ ਸਕੇ ਪੰਜਾਬ

-ਦਾਦੀ ਦੇ ਅੰਤਿਮ ਸਸਕਾਰ ਦੀ ਵਧੀ ਤਾਰੀਖ਼
ਅੰਮ੍ਰਿਤਸਰ/ਖਡੂਰ ਸਾਹਿਬ, 14 ਨਵੰਬਰ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਅੱਜ ਲਈ ਕਸਟਡੀ ਪੈਰੋਲ ਦੀ ਪ੍ਰਵਾਨਗੀ ਮਿਲਣ ਦੇ ਬਾਵਜੂਦ ਅੰਮ੍ਰਿਤਸਰ ਨਹੀਂ ਪੁੱਜ ਸਕੇ ਹਨ। ਉਥੇ ਹੀ ਪਰਿਵਾਰ ਵੱਲੋਂ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਦੇ ਸਸਕਾਰ ਦੀ ਤਾਰੀਖ਼ ਅੱਗੇ ਪਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪੈਰੋਲ ਸਬੰਧੀ ਨਵੀਂ ਤਾਰੀਖ਼ ਬਾਰੇ ਇਕ ਹੋਰ ਅਰਜ਼ੀ ਸੋਮਵਾਰ ਨੂੰ ਅਦਾਲਤ ‘ਚ ਦਾਇਰ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੀਵਾਲੀ ਦੇ ਦਿਨ 8 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਅਰਜ਼ੀ 11 ਨਵੰਬਰ ਨੂੰ ਦਾਇਰ ਕੀਤੀ ਗਈ ਸੀ। ਇਸ ਸਬੰਧੀ ਅਦਾਲਤ ਵੱਲੋਂ 13 ਨਵੰਬਰ ਨੂੰ ਹੁਕਮ ਜਾਰੀ ਕਰਦੇ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਸਬੰਧੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ ਦੇ ਦੋਹਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਨਾਲ ਲਿਆਉਣ ਦੀ ਵਿਵਸਥਾ ਸਬੰਧੀ ਹੁਕਮ ਸਨ ਪਰ 13 ਨਵੰਬਰ ਨੂੰ ਹੁਕਮ ਜਾਰੀ ਹੋਣ ਤੋਂ ਬਾਅਦ 14 ਨਵੰਬਰ ਤੱਕ ਬਹੁਤ ਥੋੜ੍ਹਾ ਸਮਾਂ ਹੋਣ ਕਾਰਨ ਅਤੇ ਲੋੜੀਂਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਅੱਜ ਪੰਜਾਬ ਨਹੀਂ ਲਿਆਂਦਾ ਜਾ ਸਕਿਆ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਪੈਰੋਲ ਦੀ ਤਾਰੀਖ਼ ‘ਚ ਸੋਧ ਕਰਵਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਲੀਗਲ ਟੀਮ, ਜਿਨ੍ਹਾਂ ‘ਚ ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਕਰਮਵੀਰ ਸਿੰਘ, ਐਡਵੋਕੇਟ ਰੀਤੂ ਰਾਜ ਅਤੇ ਐਡਵੋਕੇਟ ਕੁਲਜੀਤ ਸਿੰਘ ਸ਼ਾਮਲ ਹਨ, ਵੱਲੋਂ ਅੱਜ ਸਬੰਧਤ ਡਿਊਟੀ ਮੈਜਿਸਟ੍ਰੇਟ ਨੂੰ ਅਮੈਂਡਮੈਂਟ ਲੈਟਰ/ਅਰਜ਼ੀ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੀਤੀ ਗਈ ਪਰ ਅਰਜ਼ੀ ਸਵੀਕਾਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਲੀਗਲ ਟੀਮ ਵੱਲੋਂ ਦੂਜੇ ਡਿਊਟੀ ਮੈਜਿਸਟ੍ਰੇਟ ਨੂੰ ਅਰਜ਼ੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਥੇ ਵੀ ਇਸ ਮਾਮਲੇ ‘ਤੇ ਸੁਣਵਾਈ ਨਹੀਂ ਹੋਈ। ਇਸ ਮਗਰੋਂ ਲੀਗਲ ਟੀਮ ਵੱਲੋਂ ਸੈਸ਼ਨ ਜੱਜ ਤੱਕ ਵੀ ਪਹੁੰਚ ਕੀਤੀ ਗਈ ਪਰ ਉਨ੍ਹਾਂ ਦੇ ਉਪਲੱਬਧ ਨਾ ਹੋਣ ਕਾਰਨ ਅੱਜ ਇਸ ਮਾਮਲੇ ‘ਚ ਕੋਈ ਅਗਲੀ ਕਾਨੂੰਨੀ ਕਾਰਵਾਈ ਸੰਭਵ ਨਹੀਂ ਹੋ ਸਕੀ।
ਉਨ੍ਹਾਂ ਅੱਗੇ ਦੱਸਿਆ ਕਿ ਹੁਣ ਵਕੀਲਾਂ ਦੀ ਲੀਗਲ ਟੀਮ ਵੱਲੋਂ ਸੋਮਵਾਰ ਨੂੰ ਅਦਾਲਤਾਂ ਦੇ ਕੰਮਕਾਜ ਵਾਲੇ ਦਿਨ ਅਦਾਲਤ ‘ਚ ਨਵੀਂ ਅਰਜ਼ੀ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦੀਆਂ ਅਗਲੀਆਂ ਤਾਰੀਖ਼ਾਂ ਦੇਣ ਦੀ ਮੰਗ ਕੀਤੀ ਜਾਵੇਗੀ। ਜਥੇਬੰਦੀ ਨੇ ਸਪੱਸ਼ਟ ਆਖਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਦੌਰਾਨ ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਮਿਲੀ ਕਸਟਡੀ ਪੈਰੋਲ ਤਹਿਤ ਅੱਜ ਦੁਪਹਿਰ ਵੇਲੇ ਉਨ੍ਹਾਂ ਨੂੰ ਜੱਲੂਪੁਰ ਖੇੜਾ ਸਥਿਤ ਘਰ ਲਿਆਂਦਾ ਗਿਆ ਸੀ ਅਤੇ ਕੁਝ ਸਮੇਂ ਬਾਅਦ ਪੁਲਿਸ ਵਾਪਸ ਲੈ ਗਈ। ਸੂਤਰਾਂ ਮੁਤਾਬਕ ਅੱਜ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਗਿਆ ਹੈ ਅਤੇ ਅੰਤਿਮ ਸਸਕਾਰ ਸਬੰਧੀ ਅਗਲੀ ਤਾਰੀਖ਼ ਦਾ ਐਲਾਨ ਸੋਮਵਾਰ ਤੋਂ ਬਾਅਦ ਹੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।