#PUNJAB

ਕਸ਼ਮੀਰ ਵਿਚੋਂ ਧਾਰਾ-370 ਖ਼ਤਮ ਕਰਨ ਦੇ ਫ਼ੈਸਲੇ ‘ਤੇ Supreme Court ਦੀ ਮੋਹਰ

ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਜੰਮੂ-ਕਸ਼ਮੀਰ ਬਾਰੇ ਵਿਸ਼ੇਸ਼ ਧਾਰਾ 370 ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ ਅਤੇ ਇਸ ਫੈਸਲੇ ਅਨੁਸਾਰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਅਤੇ ਕਿਹਾ ਕਿ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕਦਮ ਚੁੱਕੇ ਜਾਣ। ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੀ ਸੰਵਿਧਾਨਿਕ ਬੈਂਚ ਵਿਚ ਜਸਟਿਸ ਬੀ.ਆਰ. ਗਵਈ ਜਸਟਿਸ ਸੂਰਿਆ ਕਾਂਤ, ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਸੰਜੀਵ ਖੰਨਾ ਸ਼ਾਮਲ ਸਨ। ਬੈਂਚ ਵੱਲੋਂ ਚੀਫ ਜਸਟਿਸ ਨੇ ਵੱਲੋਂ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸੰਵਿਧਾਨ ਦੀ ਧਾਰਾ 370 ਅਸਥਾਈ ਵਿਵਸਥਾ ਸੀ ਅਤੇ ਰਾਸ਼ਟਰਪਤੀ ਕੋਲ ਇਸ ਨੂੰ ਰੱਦ ਕਰਨ ਦਾ ਅਧਿਕਾਰ ਹੈ। ਸਿਖ਼ਰਲੀ ਅਦਾਲਤ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰਨ ਦੇ ਅਗਸਤ 2019 ਦੇ ਫੈਸਲੇ ਦੀ ਵੈਧਤਾ ਨੂੰ ਵੀ ਬਰਕਰਾਰ ਰੱਖਿਆ ਹੈ। ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਦੀ ਦੇਸ਼ ਦੇ ਦੂਜੇ ਰਾਜਾਂ ਦੇ ਉਲਟ ਅੰਦਰੂਨੀ ਪ੍ਰਭੂਸੱਤਾ ਨਹੀਂ ਸੀ।