#INDIA

ਕਾਂਗਰਸ ਵਰਕਿੰਗ ਕਮੇਟੀ ਨੇ ਖੜਗੇ ਨੂੰ ਦਿੱਤਾ ਚੋਣ Manifesto ਨੂੰ ਮਨਜ਼ੂਰੀ ਦੇਣ ਦਾ ਅਧਿਕਾਰ

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਅਤੇ ਇਸ ਦੀ ਰਿਲੀਜ਼ ਦੀ ਤਰੀਕ ਤੈਅ ਕਰਨ ਦਾ ਅਧਿਕਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਸਿਰਫ਼ ਚੋਣ ਮੈਨੀਫੈਸਟੋ ਨਹੀਂ ਹੋਵੇਗਾ, ਸਗੋਂ ‘ਇਨਸਾਫ਼ ਪੱਤਰ’ ਹੋਵੇਗਾ। ਇਸ ਤੋਂ ਪਹਿਲਾਂ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਮੀਟਿੰਗ ਹੋਈ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦਿੱਤਾ ਗਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਮੈਨੀਫੈਸਟੋ ਕਮੇਟੀ ਦੇ ਮੁਖੀ ਪੀ. ਚਿਦੰਬਰਮ ਅਤੇ ਵਰਕਿੰਗ ਕਮੇਟੀ ਦੇ ਕਈ ਹੋਰ ਮੈਂਬਰ ਸ਼ਾਮਲ ਹੋਏ। ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਵੀ ਮੀਟਿੰਗ ਹੋਵੇਗੀ, ਜਿਸ ਵਿਚ 19 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਸੱਤ ਗੇੜਾਂ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਬਾਕੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।