ਪਟਿਆਲਾ, 15 ਜੂਨ (ਪੰਜਾਬ ਮੇਲ)- ਇਥੋਂ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਲਈ ਹਰਿਆਣਾ ਦੇ ਕਿਸਾਨ ਆਗੂ ਪੁੱਜ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਵਿਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਰੈਲੀ ਵਿਚ ਪੰਜਾਬ, ਹਰ?ਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਹਰਿਆਣਾ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਅਭਿਮਨਿਊ ਕੋਹਾੜ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਹਰਿਆਣਾ ਵਿਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਬਰ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 19 ਜੂਨ ਨੂੰ ਪਟਿਆਲਾ ਵਿਚ ਵੱਡੀ ਰੈਲੀ ਕੀਤੀ ਜਾਵੇ, ਜਿਸ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਣਗੇ। ਇਹ ਰੈਲੀ ਇਤਿਹਾਸਕ ਹੋਵੇਗੀ, ਜੋ ਪੰਜਾਬ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ ਤੇ ਉਹ ਚੜ੍ਹਦੀਕਲਾ ਵਿਚ ਹਨ। ਮਰਨ ਵਰਤ ਵੀ ਜਾਰੀ ਹੈ। ਬੇਸ਼ੱਕ ਸਰਕਾਰ ਨੇ ਜ਼ੋਰ ਲਗਾਇਆ ਕਿ ਮਰਨ ਵਰਤ ਤੁੜਵਾ ਦਿੱਤਾ ਜਾਵੇ ਪਰ ਉਹ ਆਪਣੇ ਸਟੈਂਡ ‘ਤੇ ਕਾਇਮ ਹਨ। ਸ੍ਰੀ ਡੱਲੇਵਾਲ ਨੇ ਕਿਹਾ ਹੈ ਕਿ ਡੱਟ ਕੇ ਸੰਘਰਸ਼ ਕਰੋ ਤਾਂ ਕਿ ਪੰਜਾਬ ਸਰਕਾਰ ਨੂੰ ਪਾਵਰਕਾਮ ਦੇ ਦਫ਼ਤਰ ਅੱਗੋਂ ਜਬਰੀ ਚੁੱਕੇ ਕਿਸਾਨਾਂ ਸਬੰਧੀ ਕੀਤੀ ਗ਼ਲਤੀ ਦਾ ਅਹਿਸਾਸ ਹੋ ਜਾਵੇ।