#PUNJAB

ਕਿਸਾਨਾਂ ਨੂੰ ਖੇਤ ਵਾਹੀਯੋਗ ਬਨਾਉਣ ਲਈ 8 ਲੱਖ ਲੀਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ‘ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਦੀ ਇਕੱਤਰਤਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ‘ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।