#PUNJAB

ਕਿਸਾਨਾਂ ਵੱਲੋਂ ਪੰਜਾਬ ਸਣੇ ਉੱਤਰੀ ਭਾਰਤ ‘ਚ 10 ਨੂੰ ਰੋਕੀਆਂ ਜਾਣਗੀਆਂ ਰੇਲਾਂ

* ਮੋਰਚਿਆਂ ‘ਤੇ 8 ਮਾਰਚ ਨੂੰ ਮਨਾਇਆ ਜਾਵੇਗਾ ਮਹਿਲਾ ਦਿਵਸ
* ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਸਮਰਥਨ ਦਾ ਐਲਾਨ
ਪਟਿਆਲਾ, 7 ਮਾਰਚ (ਪੰਜਾਬ ਮੇਲ)- ਕਿਸਾਨ ਆਗੂ ਸਰਵਣ ਸਿੰਘ ਪਧੇਰ ਨੇ ਬੁੱਧਵਾਰ ਨੂੰ ਸ਼ੰਭੂ ਬਾਰਡਰ ‘ਤੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਮਾਰਚ ਨੂੰ ਪੰਜਾਬ ਸਣੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿਚ ਕਿਸਾਨਾਂ ਵੱਲੋਂ ਰੇਲਗੱਡੀਆਂ ਰੋਕੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਖੁਦ ਅੰਮ੍ਰਿਤਸਰ ਵਿਚਲੀ ਇਕ ਥਾਂ ‘ਤੇ ਰੇਲ ਰੋਕੋ ਦੇ ਇਸ ਐਕਸ਼ਨ ਦੀ ਅਗਵਾਈ ਕਰਨਗੇ। ਬਾਕੀ ਕਿਸਾਨ ਆਗੂਆਂ ਦੀਆਂ ਵੀ ਇਸ ਸਬੰਧੀ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਨਾ ਸਿਰਫ਼ ਪੰਜਾਬ, ਬਲਕਿ ਦੇਸ਼ ਭਰ ਤੋਂ ਔਰਤਾਂ ਹਿੱਸਾ ਲੈਣਗੀਆਂ ਅਤੇ ਕਿਸਾਨ ਘੋਲ ਦੌਰਾਨ 8 ਮਾਰਚ ਦਾ ਦਿਨ ਮਹਿਲਾਵਾਂ ਨੂੰ ਸਮਰਪਿਤ ਰਹੇਗਾ।
ਇਸੇ ਦੌਰਾਨ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਬੁੱਧਵਾਰ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ‘ਤੇ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ। ਹਰਿਆਣਾ ਦੇ ਕਿਸਾਨ ਆਗੂ ਅਸ਼ੋਕ ਬਹਿਲਾਰਾ ਨੇ ਖਾਪ ਪੰਚਾਇਤਾਂ ਦੇ ਬੁਲਾਰੇ ਵਜੋਂ ਸ਼ੰਭੂ ਬਾਰਡਰ ‘ਤੇ ਸਰਵਣ ਸਿੰਘ ਪੰਧੇਰ ਅਤੇ ਪੰਜਾਬ ਦੇ ਹੋਰ ਕਿਸਾਨ ਆਗੂਆਂ ਦੀ ਮੌਜੂਦਗੀ ਵਿਚ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੇ ਕਾਫਲਿਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਲਗਾਈਆਂ ਗਈਆਂ ਰੋਕਾਂ ਹਟਾਉਣ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਦੂਜੇ ਪਾਸੇ ‘ਦਿੱਲੀ ਚੱਲੋ’ ਦੇ ਮੱਦੇਨਜ਼ਰ ਦਿੱਲੀ ਦੀਆਂ ਹਰਿਆਣਾ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਹੱਦਾਂ ‘ਤੇ ਬੁੱਧਵਾਰ ਨੂੰ ਟਰੈਫਿਕ ਜਾਮ ਲੱਗੇ ਰਹੇ। ਮਿਲੀ ਜਾਣਕਾਰੀ ਅਨੁਸਾਰ ਦਿੱਲੀ-ਹਰਿਆਣਾ ਦੀ ਸਿੰਘੂ ਹੱਦ ਅਤੇ ਦਿੱਲੀ-ਨੋਇਡਾ ਸੀਮਾ ‘ਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਐਤਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਲੀ ਪੁੱਜਣ ਦਾ ਸੱਦਾ ਦਿੱਤਾ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਮੱਧ ਦਿੱਲੀ ਵੱਲ ਜਾਣ ਵਾਲੀਆਂ ਸੜਕਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।