ਚੰਡੀਗੜ੍ਹ , 23 ਫ਼ਰਵਰੀ (ਪੰਜਾਬ ਮੇਲ)- ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੇ ਪਰਿਵਰ ਲਈ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖਨੌਰੀ ਬਾਰਡਰ ’ਤੇ ਬਠਿੰਡੇ ਦੇ 21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਹਿਲਾਂ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਰੱਖ ਕੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਮੀਟਿੰਗ ਵਿੱਚ ਪੂਰੇ ਭਾਰਤ ਤੋਂ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਨੇ ਖਨੌਰੀ ਵਿਖੇ ਵਾਪਰੀ ਘਟਨਾ ਨੂੰ ਹਰਿਆਣਾ ਸਰਕਾਰ ਵੱਲੋਂ ਕੀਤਾ ਜਬਰ ਕਰਾਰ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਮੰਤਰੀ ਅਨਿਲ ਵਿਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੀਟਿੰਗ ਵਿੱਚ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ ਹਰਿੰਦਰ ਸਿੰਘ ਲੱਖੋਵਾਲ, ਐਡਵੋਕੇਟ ਪ੍ਰੇਮ ਸਿੰਘ ਭੰਗੂ, ਜੋਗਿੰਦਰ ਸਿੰਘ ਉਗਰਾਹਾਂ, ਸੱਤਿਆਵਾਨ, ਰਵਿੰਦਰ ਪਟਿਆਲਾ, ਯੁੱਧਵੀਰ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।