#INDIA

ਕਿਸਾਨ ਚਾਰ ਸੂਬਿਆਂ ‘ਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ

ਸਿਸੌਲੀ ਵਿਚ ਪੰਚਾਇਤ ‘ਚ ਕੀਤੀ ਸ਼ਿਰਕਤ
ਮੁਜ਼ੱਫਰਨਗਰ (ਯੂ.ਪੀ.), 17 ਫਰਵਰੀ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮੰਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿਚ ਇੱਕ ਪੰਚਾਇਤ ਵਿਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਟਿਕੈਤ ਨੇ ਕਿਹਾ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕੀਤਾ ਗਿਆ ਸੀ ਕਿ ਜੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਅਗਵਾਈ ਹੇਠ ਫਰਵਰੀ ਦੇ ਆਖਰੀ ਹਫ਼ਤੇ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੀ ਲਾਮਬੰਦੀ ਲਈ ਪੰਚਾਇਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਰਕਾਰ ‘ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪੰਜਵੇਂ ਦਿਨ ਵੀ ਪ੍ਰਦਰਸ਼ਨ ਜਾਰੀ ਰੱਖੇ। ਜਾਣਕਾਰੀ ਅਨੁਸਾਰ ਪੰਜਾਬ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਸੀ ਪਰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਹੱਦ ਸ਼ੰਭੂ ਅਤੇ ਖਨੌਰੀ ‘ਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਦੋਂ ਤੋਂ ਹੀ ਕਿਸਾਨ ਸ਼ੰਭੂ ਤੇ ਖਨੌਰੀ ਹੱਦ ‘ਤੇ ਸੰਘਰਸ਼ ਕਰ ਰਹੇ ਹਨ।