ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ‘ਤੇ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਵਿਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚੱਲਣ ਤੇ ਆਤਿਸ਼ਬਾਜ਼ੀ ਹੋਣ ਦੇ ਸਬੰਧ ਵਿਚ ਦਿੱਲੀ ਪੁਲਿਸ ਨੇ ਇਕ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਆਗਾਮੀ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਸੋਮਵਾਰ ਨੂੰ ਕੌਮੀ ਰਾਜਧਾਨੀ ਵਿਚ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਇਸਤੇਮਾਲ ‘ਤੇ ਪਾਬੰਦੀ ਲਗਾਈ ਸੀ। ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸਿਵਲ ਲਾਈਨਜ਼ ਪੁਲਿਸ ਥਾਣੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 (ਸਰਕਾਰੀ ਹੁਕਮਾਂ ਦੀ ਉਲੰਘਣਾ) ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ।