#CANADA

ਕੈਨੇਡਾ-ਅਮਰੀਕਾ ਸਰਹੱਦ ‘ਤੇ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ

ਵੈਨਕੂਵਰ, 11 ਫਰਵਰੀ (ਪੰਜਾਬ ਮੇਲ)- ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਨੇ ਇੱਕ ਸਾਂਝੀ ਕਾਰਵਾਈ ਦੌਰਾਨ ਬਲੂ ਵਾਟਰ ਬ੍ਰਿਜ ਰਾਹੀਂ ਅਮਰੀਕਾ ਤੋਂ ਕੈਨੇਡਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਕਮਰਸ਼ੀਅਲ ਟਰੱਕ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਮੈਥਾਮਫੇਟਾਮਾਈਨ ਬਰਾਮਦ ਕੀਤੀ ਗਈ।
ਪੁਲਿਸ ਅਤੇ ਅਦਾਲਤੀ ਦਸਤਾਵੇਜ਼ਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਡਰਾਈਵਰ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ। ਕੁਲਬੀਰ ਸਿੰਘ ‘ਤੇ ਨਸ਼ੀਲੇ ਪਦਾਰਥਾਂ ਦੀ ਦਰਾਮਦ ਅਤੇ ਤਸਕਰੀ ਦੇ ਉਦੇਸ਼ ਨਾਲ ਨਸ਼ਾ ਰੱਖਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਸੂਤਰਾਂ ਅਨੁਸਾਰ, ਇਸ ਕਾਰਵਾਈ ਵਿਚ ਲਗਭਗ 250 ਕਿਲੋਗ੍ਰਾਮ ਮੈਥਾਮਫੇਟਾਮਾਈਨ ਜ਼ਬਤ ਕੀਤੀ ਗਈ ਹੈ।
ਮੁਲਜ਼ਮ ਨੂੰ ਸਰਹੱਦ ‘ਤੇ ਸੈਕੰਡਰੀ ਜਾਂਚ ਦੌਰਾਨ ਰੋਕਿਆ ਗਿਆ ਸੀ, ਜਿੱਥੇ ਟਰੱਕ ਦੇ ਟ੍ਰੇਲਰ ਵਿਚੋਂ ਨਸ਼ੀਲੇ ਪਦਾਰਥ ਮਿਲੇ। ਕੁਲਬੀਰ ਸਿੰਘ ਨੂੰ ਪਿਛਲੇ ਦਿਨੀਂ ਸਾਰਨੀਆ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਜੱਜ ਕ੍ਰਿਸਟਾ ਲਿਨ ਲੈਸਜ਼ਕਿੰਸਕੀ ਨੇ ਮੁਲਜ਼ਮ ਨੂੰ ਹਿਰਾਸਤ ‘ਚ ਰੱਖਣ ਦਾ ਹੁਕਮ ਦਿੱਤਾ। ਫਿਲਹਾਲ ਉਸ ਨੂੰ ਜ਼ਮਾਨਤ ਨਹੀਂ ਮਿਲੀ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਆਉਣ ਵਾਲੇ ਦਿਨਾਂ ਵਿਚ ਹੋਵੇਗੀ।