#CANADA

ਕੈਨੇਡਾ ‘ਚ ਟੋਰਾਂਟੋ ਯੂਨੀਵਰਸਿਟੀ ਦੇ ਕੈਂਪਸ ਨੇੜੇ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਟੋਰਾਂਟੋ, 26 ਦਸੰਬਰ (ਪੰਜਾਬ ਮੇਲ)- ਕੈਨੇਡਾ ਦੀ ਮਸ਼ਹੂਰ ਟੋਰਾਂਟੋ ਯੂਨੀਵਰਸਿਟੀ ਦੇ ਨੇੜੇ ਇੱਕ 20 ਸਾਲਾ ਭਾਰਤੀ ਡਾਕਟਰੇਟ ਵਿਦਿਆਰਥੀ, ਸ਼ਿਵਾਂਕ ਅਵਸਥੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਮੰਗਲਵਾਰ ਦੁਪਹਿਰ ਨੂੰ ਇੱਕ ਪੈਦਲ ਚੱਲਣ ਵਾਲੇ ਵਿਅਕਤੀ ਨੇ ਸ਼ਿਵਾਂਕ ਦੀ ਲਾਸ਼ ਜੰਗਲੀ ਖੇਤਰ ਦੇ ਰਸਤੇ ‘ਤੇ ਪਈ ਦੇਖੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਉਸ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ ਅਤੇ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਟੋਰਾਂਟੋ ਪੁਲਿਸ ਇਸ ਮਾਮਲੇ ਨੂੰ ਕਤਲ ਦੇ ਰੂਪ ਵਿਚ ਦੇਖ ਰਹੀ ਹੈ ਅਤੇ ਦੋਸ਼ੀ ਦੀ ਭਾਲ ਜਾਰੀ ਹੈ, ਜੋ ਵਾਰਦਾਤ ਤੋਂ ਤੁਰੰਤ ਬਾਅਦ ਫ਼ਰਾਰ ਹੋ ਗਿਆ ਸੀ।
ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਭਾਰਤੀ ਦੂਤਾਵਾਸ ਕੈਨੇਡੀਅਨ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿਚ ਹੈ।
ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇਸ ਦੁਖਦਾਈ ਮੌਤ ‘ਤੇ ਅਫ਼ਸੋਸ ਜਤਾਇਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਉਸ ਖ਼ਾਸ ਇਲਾਕੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਫਿਲਹਾਲ ਪੁਲਿਸ ਹੱਤਿਆ ਦੇ ਪਿੱਛੇ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਕਰਨ ਵਿਚ ਜੁਟੀ ਹੋਈ ਹੈ।