ਵੈਨਕੂਵਰ, 20 ਮਈ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਅਤੇ ਡਰਾਉਣ-ਧਮਕਾਉਣ ਲਈ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸਰੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਬੀਤੇ ਦਸੰਬਰ ਮਹੀਨੇ ਵਾਪਰੀਆਂ ਵਾਰਦਾਤਾਂ ਦੇ ਸਬੰਧ ਵਿਚ 22 ਸਾਲਾਂ ਦੇ ਇੱਕ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਸਰੀ ਅਤੇ ਐਬਟਸਫੋਰਡ ਪੁਲਿਸ ਵੱਲੋਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਗੁਰਸੇਵਕ ਸਿੰਘ ‘ਤੇ ਸਰੀ ਪੁਲਿਸ ਵੱਲੋਂ 9 ਅਤੇ ਐਬਟਸਫੋਰਡ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਹੇਠ 6 ਸੰਗੀਨ ਦੋਸ਼ ਆਇਦ ਕੀਤੇ ਗਏ ਹਨ। ਜਾਂਚ ਅਧਿਕਾਰੀਆਂ ਮੁਤਾਬਕ ਉਕਤ ਮੁਲਜ਼ਮ ਨੇ ਪਹਿਲਾਂ ਸਰੀ ਵਿਚ ਦੋ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਐਬਸਫੋਰਡ ਵਿਚ ਇੱਕ ਕਾਰੋਬਾਰੀ ਸਥਾਨ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਥਾਵਾਂ ‘ਤੇ ਪਹਿਲਾਂ ਮੋਟੀਆਂ ਫਿਰੌਤੀਆਂ ਦੀ ਮੰਗ ਕੀਤੀ ਗਈ ਅਤੇ ਬਾਅਦ ਵਿਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ।
ਰਾਹਤ ਦੀ ਗੱਲ ਇਹ ਰਹੀ ਕਿ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗੋਲੀਆਂ ਲੱਗਣ ਕਾਰਨ ਕਾਰੋਬਾਰੀ ਸਥਾਨਾਂ ਦੀਆਂ ਇਮਾਰਤਾਂ ਦੀ ਭੰਨ-ਤੋੜ ਹੋਈ ਅਤੇ ਉੱਥੇ ਖੜ੍ਹੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ। ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਇੱਕ ਵਿਸ਼ੇਸ਼ ਟੀਮ ਗਠਿਤ ਕਰਕੇ ਲੰਬੀ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ। ਡਿਜ਼ੀਟਲ ਸਬੂਤਾਂ ਅਤੇ ਖੁਫ਼ੀਆ ਜਾਣਕਾਰੀਆਂ ਦੇ ਆਧਾਰ ‘ਤੇ ਆਖ਼ਰਕਾਰ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਸਬੂਤਾਂ ਸਮੇਤ ਦਬੋਚ ਲਿਆ ਗਿਆ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਅਗਲੇ ਹਫ਼ਤੇ ਸਥਾਨਕ ਅਦਾਲਤ ‘ਚ ਪੇਸ਼ ਕਰਕੇ ਕਾਨੂੰਨੀ ਰਿਮਾਂਡ ਹਾਸਲ ਕੀਤਾ ਜਾਵੇਗਾ।
ਸਰੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਕੈਨੇਡਾ ਦੀ ਧਰਤੀ ‘ਤੇ ਅਜਿਹੀਆਂ ਗੈਂਗਸਟਰਵਾਦੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਫ਼ੋਰਸ ਅਪਰਾਧੀਆਂ ਦੀ ਸੂਹ ਕੱਢ ਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਦੇ ਹੁਣ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਅਪਰਾਧੀਆਂ ਬਾਰੇ ਦੱਸਣ ਵਾਲਿਆਂ ਲਈ ਲੱਖਾਂ ਡਾਲਰਾਂ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਇਸ ਸਕੀਮ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ ਅਤੇ ਆਮ ਲੋਕ ਹੁਣ ਖ਼ੁਦ ਅੱਗੇ ਆ ਕੇ ਪੁਲਿਸ ਦੀ ਮਦਦ ਕਰ ਰਹੇ ਹਨ, ਜਿਸ ਸਦਕਾ ਅਜਿਹੇ ਅਨਸਰਾਂ ਦੀਆਂ ਗ੍ਰਿਫ਼ਤਾਰੀਆਂ ਸੰਭਵ ਹੋ ਰਹੀਆਂ ਹਨ।
ਕੈਨੇਡਾ ‘ਚ ਫਿਰੌਤੀ ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

