#CANADA

ਕੈਨੇਡਾ ਪੁਲਿਸ ਵੱਲੋਂ ਪੰਜਾਬੀ ਵਿਦਿਆਰਥੀ ਦੇ ਕਤਲ ਮਾਮਲੇ ‘ਚ 18 ਸਾਲਾ ਨੌਜਵਾਨ ਗ੍ਰਿਫ਼ਤਾਰ

ਅਲਬਰਟਾ, 25 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਅਲਬਰਟਾ ਸੂਬੇ ਵਿਚ ਇੱਕ ਪੰਜਾਬੀ ਵਿਦਿਆਰਥੀ ਬੀਰਇੰਦਰ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਇੱਕ 18 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦੇ ਦੋਸ਼ ਆਇਦ ਕੀਤੇ ਹਨ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਮੁਲਜ਼ਮ ਦੀ ਪਛਾਣ ਜਿਮੀ ਗੈਸਨਰ ਵਜੋਂ ਹੋਈ ਹੈ, ਜੋ ਲੌਇਡਮਿੰਸਟਰ ਦਾ ਰਹਿਣ ਵਾਲਾ ਹੈ।
ਜ਼ਿਕਰਯੋਗ ਹੈ ਕਿ 14 ਮਾਰਚ ਨੂੰ ਦੁਪਹਿਰ 3 ਵਜੇ ਦੇ ਕਰੀਬ ਐਡਮਿੰਟਨ ਦੇ ਦੱਖਣ ਵਿਚ ਸਥਿਤ ਲੇਡੁਕ ਨੇੜੇ ਹਾਈਵੇਅ 2, ਜਦੋਂ ਬੀਰਇੰਦਰ ਸਿੰਘ ਆਪਣੇ ਦੋ ਦੋਸਤਾਂ ਨਾਲ ਹੌਂਡਾ ਸਿਵਿਕ ਕਾਰ ‘ਚ ਜਾ ਰਿਹਾ ਸੀ ਕਿ ਇੱਕ ਸਲੇਟੀ ਰੰਗ ਦੇ ਪਿਕਅੱਪ ਟਰੱਕ ਨੇ ਉਨ੍ਹਾਂ ਦੀ ਕਾਰ ਦੇ ਨੇੜੇ ਆ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਬੀਰਇੰਦਰ ਸਿੰਘ ਨੇ ਦਮ ਤੋੜ ਦਿੱਤਾ।
ਪੁਲਿਸ ਨੇ ਮੁਲਜ਼ਮ ਜਿਮੀ ਗੈਸਨਰ ਨੂੰ ਸ਼ਨੀਵਾਰ ਨੂੰ ਸਸਕੈਚਵਨ ਦੇ ਕੈਨੋ ਲੇਕ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਨੂੰ ਹੁਣ ਵਾਪਸ ਅਲਬਰਟਾ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਲੇਡੁਕ ਕੋਰਟ ਆਫ਼ ਜਸਟਿਸ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਨੁਸਾਰ ਮੁਲਜ਼ਮ ‘ਤੇ ਦੂਜੇ ਦਰਜੇ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਬੀਰਇੰਦਰ ਸਿੰਘ, ਜੋ ਤਿੰਨ ਸਾਲ ਪਹਿਲਾਂ ਕੈਨੇਡਾ ਆਇਆ ਸੀ, ਇੱਕ ਅੰਮ੍ਰਿਤਧਾਰੀ ਸਿੱਖ ਸੀ। ਇਸ ਘਟਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਿੱਖ ਜਥੇਬੰਦੀਆਂ ਨੇ ਪੁਲਿਸ ਨੂੰ ਇਸ ਮਾਮਲੇ ਦੀ ‘ਨਫ਼ਰਤ ਤੋਂ ਪ੍ਰੇਰਿਤ ਅਪਰਾਧ’ ਵਜੋਂ ਜਾਂਚ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਆਰ.ਸੀ.ਐੱਮ.ਪੀ. ਦੇ ਬੁਲਾਰੇ ਨੇ ਕਿਹਾ ਹੈ ਕਿ ਅਜੇ ਤੱਕ ਕਤਲ ਦਾ ਮਕਸਦ ਸਪੱਸ਼ਟ ਨਹੀਂ ਹੋਇਆ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ, ਪਰ ਜਾਂਚ ਦੀ ਨਿੱਜਤਾ ਬਣਾਈ ਰੱਖਣ ਲਈ ਅਜੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ।