#PUNJAB

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉੱਚ ਪੁਲਿਸ ਅਧਿਕਾਰੀਆਂ ਨੂੰ ਨੌਜਵਾਨ ਦੀ ਕੁੱਟਮਾਰ ਮਾਮਲੇ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਹਦਾਇਤ

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 20 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾੜੀ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਛੇਤੀ ਤੋਂ ਛੇਤੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਘਟਨਾ ਹੈ ਜਿਸ ਨੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਚਾਰ ਜਣਿਆਂ ਵੱਲੋਂ ਬੇਰਹਿਮੀ ਨਾਲ ਕੁੱਟੇ ਜਾਣ ਦਾ ਮਾਮਲਾ ਜਿਵੇਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ਼ ਫੌਰੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ਼੍ਰੀ ਅਰੋੜਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਫਰਾਰ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਥਾਣਾ ਸਿਟੀ ਸੁਨਾਮ ਵਿਖੇ 6 ਕਥਿਤ ਦੋਸ਼ੀਆਂ ਖਿਲਾਫ਼ ਮਿਤੀ 15/02/2023 ਨੂੰ ਧਾਰਾ 307, 323, 324, 325, 506, 148, 149 ਆਈ.ਪੀ.ਸੀ ਤਹਿਤ ਐੱਫ.ਆਈ.ਆਰ ਨੰ: 29 ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Leave a comment