#PUNJAB

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 15 ਮਾਰਚ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ਼੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐੱਸ.ਏ.ਐੱਸ. ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐੱਨ.ਜੀ.ਓਜ਼ ਨਾਲ ਜੁੜ੍ਹੇ ਹੋਏ ਹਨ।
ਇਸ ਮੌਕੇ ਹਰਚੰਦ ਸਿੰਘ ਬਰੱਸਟ, ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।