ਫਰੀਦਕੋਟ, 16 ਮਾਰਚ (ਪੰਜਾਬ ਮੇਲ)-ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਇਥੇ ਅਦਾਲਤ ਵਿਚ ਅਰਜ਼ੀ ਦੇ ਕੇ ਪੇਸ਼ਗੀ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਬਾਕੀ ਮੁਲਜ਼ਮਾਂ ਸਮੇਤ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਅਤੇ ਸਿੱਖ ਸੰਗਤ ਨੂੰ ਕਥਿਤ ਝੂਠੇ ਕੇਸ ਵਿਚ ਫਸਾਉਣ ਦਾ ਮੁਲਜ਼ਮ ਮੰਨਦਿਆਂ ਉਨ੍ਹਾਂ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ। ਇਲਾਕਾ ਮੈਜਿਸਟਰੇਟ ਨੇ ਸੁਮੇਧ ਸੈਣੀ ਨੂੰ ਇਨ੍ਹਾਂ ਦੋਵਾਂ ਕੇਸਾਂ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਜ਼ਾਮਨਤ ਦੀ ਅਰਜ਼ੀ ਲਾ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਂਚ ਟੀਮ ਨੇ ਝੂਠੇ ਕੇਸ ਵਿਚ ਫਸਾਇਆ ਹੈ ਅਤੇ ਕੋਟਕਪੂਰਾ ਗੋਲੀ ਕਾਂਡ ਅਤੇ ਸਿੱਖ ਸੰਗਤ ਖ਼ਿਲਾਫ਼ ਦਰਜ ਹੋਏ ਕੇਸ ਵਿਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਅਦਾਲਤ ਇਸ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 20 ਮਾਰਚ ਨੂੰ ਕਰੇਗੀ।