ਫ਼ਰੀਦਕੋਟ, 15 ਫਰਵਰੀ (ਪੰਜਾਬ ਮੇਲ)- ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਬੁੱਧਵਾਰ ਇਥੇ ਬਾਕਾਇਦਾ ਤੌਰ ‘ਤੇ ਸ਼ੁਰੂ ਹੋ ਗਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਕਰੀਬ ਪੰਜ ਘੰਟੇ ਤੱਕ ਵਿਸ਼ੇਸ਼ ਜਾਂਚ ਟੀਮ ਅਤੇ ਮੁਲਜ਼ਮਾਂ ਦੇ ਵਕੀਲਾਂ ਦੀ ਬਹਿਸ ਸੁਣੀ। ਬਾਕੀ ਰਹਿੰਦੀ ਬਹਿਸ ਹੁਣ 17 ਫਰਵਰੀ ਨੂੰ ਹੋਵੇਗੀ। ਜਾਂਚ ਟੀਮ ਵੱਲੋਂ ਪੇਸ਼ ਹੋਏ ਵਿਸ਼ੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਸੁਖਬੀਰ ਬਾਦਲ ਦੀ ਸ਼ਹਿ ‘ਤੇ ਵਾਪਰਿਆ। ਉਨ੍ਹਾਂ ਦੱਸਿਆ ਕਿ ਫਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ ਨੇ ਸ਼ਾਂਤਮਈ ਧਰਨੇ ‘ਤੇ ਬੈਠੇ ਲੋਕਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਧਰਨਾ ਛੱਡ ਕੇ ਚਲੇ ਜਾਣ, ਨਹੀਂ ਤਾਂ ਉਹ ਪੁਲਿਸ ਬਲ ਦੇ ਜ਼ੋਰ ‘ਤੇ ਧਰਨਾ ਚੁੱਕ ਦੇਣਗੇ ਕਿਉਂਕਿ ਉਨ੍ਹਾਂ ਨੂੰ ਗ੍ਰਹਿ ਮੰਤਰੀ ਸੁਖਬੀਰ ਬਾਦਲ ਦੀ ਸਖ਼ਤ ਹਦਾਇਤ ਹੈ। ਉਨ੍ਹਾਂ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਦਰਜ ਪਰਚੇ ਨੂੰ ਰੱਦ ਕਰਵਾਉਣ ਦੀ ਸਰਕਾਰ ਵੱਲੋਂ ਮਨਜ਼ੂਰੀ ਦੇਣਾ ਇਸ ਤੱਥ ਦੀ ਪੁਸ਼ਟੀ ਕਰਦਾ ਹੈ ਕਿ ਸਰਕਾਰ ਨੇ ਸਿਆਸੀ ਲਾਹਾ ਲੈਣ ਲਈ ਇਹ ਕੇਸ ਵਾਪਸ ਲਿਆ।
ਉਧਰ, ਸੁਖਬੀਰ ਬਾਦਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ. ਐੱਸ. ਚੀਮਾ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਗ਼ੈਰਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਲਈ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ। ਅੱਜ ਕੋਈ ਮੁਲਜ਼ਮ ਅਦਾਲਤ ਵਿਚ ਪੇਸ਼ ਨਹੀਂ ਹੋਇਆ ਅਤੇ ਸਾਰੇ ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਤਰੀਕ ਭੁਗਤੀ।