ਸੀ.ਬੀ.ਆਈ. ਨੂੰ ਜਾਂਚ ਕਰਨ ਲਈ ਕਿਹਾ; ਪੱਛਮੀ ਬੰਗਾਲ ‘ਚ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਦਾ ਦਿੱਤਾ ਨਿਰਦੇਸ਼
ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜਤ ਤੇ ਹਸਪਤਾਲ ਵਿਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਦੇ ਮਾਮਲੇ ਵਿਚ ਪੋਸਟਮਾਰਟਮ ਲਈ ਜ਼ਰੂਰੀ ਇਕ ਅਹਿਮ ਦਸਤਾਵੇਜ਼ ਨਾ ਹੋਣ ‘ਤੇ ਅੱਜ ਚਿੰਤਾ ਜ਼ਾਹਿਰ ਕੀਤੀ ਅਤੇ ਸੀ.ਬੀ.ਆਈ. ਨੂੰ ਇਸ ਸਬੰਧੀ ਜਾਂਚ ਕਰਨ ਨੂੰ ਕਿਹਾ। ਸਿਖ਼ਰਲੀ ਅਦਾਲਤ ਨੇ ਪੱਛਮੀ ਬੰਗਾਲ ਵਿਚ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨੂੰ ਮੰਗਲਵਾਰ ਨੂੰ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਬਹਾਲ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਕੋਈ ਵਿਰੋਧੀ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਸਿਖ਼ਰਲੀ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੰਮ ‘ਤੇ ਪਰਤਣ ‘ਤੇ ਪ੍ਰਦਰਸ਼ਨਕਾਰੀ ਡਾਕਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਜਿਸ ਵਿਚ ਦੰਡਾਤਮਕ ਤਬਦੀਲੀ ਵੀ ਸ਼ਾਮਲ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਮਾਮਲੇ ਵਿਚ ਐੱਫ.ਆਈ.ਆਰ. ਦਰਜ ਹੋਣ ‘ਚ ਕੋਲਕਾਤਾ ਪੁਲਿਸ ਵੱਲੋਂ ਕੀਤੀ ਗਈ ਘੱਟੋ-ਘੱਟ 14 ਘੰਟੇ ਦੀ ਦੇਰ ‘ਤੇ ਵੀ ਸਵਾਲ ਉਠਾਏ।
ਇਸ ਤੋਂ ਪਹਿਲਾਂ ਅੱਜ ਸੀ.ਬੀ.ਆਈ. ਨੂੰ ਜਾਂਚ ‘ਤੇ 17 ਸਤੰਬਰ ਤੱਕ ਨਵੀਂ ਰਿਪੋਰਟ ਜਮ੍ਹਾਂ ਕਰਨ ਦਾ ਨਿਰਦੇਸ਼ ਦਿੱਤਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸੀ.ਬੀ.ਆਈ. ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਰਾਹੀਂ ਸੀਲਬੰਦ ਲਿਫਾਫੇ ਵਿਚ ਜਮ੍ਹਾਂ ਕੀਤੀ ਗਈ ਰਿਪੋਰਟ ਦਾ ਅਧਿਐਨ ਕੀਤਾ। ਬੈਂਚ ਨੇ ਕਿਹਾ, ”ਸੀ.ਬੀ.ਆਈ. ਨੇ ਸਥਿਤੀ ਰਿਪੋਰਟ ਜਮ੍ਹਾਂ ਕੀਤੀ ਹੈ, ਜਿਸ ਤੋਂ ਲੱਗਦਾ ਹੈ ਕਿ ਜਾਂਚ ਪ੍ਰਗਤੀ ‘ਤੇ ਹੈ। ਅਸੀਂ ਸੀ.ਬੀ.ਆਈ. ਨੂੰ ਨਵੀਂ ਸਥਿਤੀ ਰਿਪੋਰਟ ਜਮ੍ਹਾਂ ਕਰਨ ਦਾ ਨਿਰਦੇਸ਼ ਦਿੰਦੇ ਹਾਂ। ਅਸੀਂ ਸੀ.ਬੀ.ਆਈ. ਨੂੰ ਉਸ ਦੀ ਜਾਂਚ ‘ਤੇ ‘ਗਾਈਡ’ ਨਹੀਂ ਕਰਨਾ ਚਾਹੁੰਦੇ।” ਮਹਿਤਾ ਨੇ ਬੈਂਚ ਨੂੰ ਕਿਹਾ ਕਿ ਸੀ.ਬੀ.ਆਈ. ਨੇ ਫੋਰੈਂਸਿਕ ਨਮੂਨੇ ਅੱਗੇ ਜਾਂਚ ਲਈ ਏਮਜ਼ ਭੇਜਣ ਦਾ ਫੈਸਲਾ ਕੀਤਾ ਹੈ। ਸਿਖ਼ਰਲੀ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਦੇ ਗ੍ਰਹਿ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਅਤੇ ਸੀ.ਆਈ.ਐੱਸ.ਐੱਫ. ਦੇ ਇਕ ਸੀਨੀਅਰ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਹੈ ਕਿ ਆਰਜੀ ਕਰ ਹਸਪਤਾਲ ਦੀ ਸੁਰੱਖਿਆ ਵਿਚ ਲਾਈਆਂ ਗਈਆਂ ਤਿੰਨੋਂ ਕੰਪਨੀਆਂ ਨੂੰ ਰਹਿਣ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਸੁਪਰੀਮ ਕੋਰਟ ਨੇ ਸੀ.ਆਈ.ਐੱਸ.ਐੱਫ. ਜਵਾਨਾਂ ਨੂੰ ਜ਼ਰੂਰੀ ਸਾਰੇ ਸੁਰੱਖਿਆ ਸਰੋਤ ਵੀ ਅੱਜ ਹੀ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੀ ਘਟਨਾ ਖ਼ਿਲਾਫ਼ ਡਾਕਟਰਾਂ ਦੀ ਹੜਤਾਲ ਕਾਰਨ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੱਛਮੀ ਬੰਗਾਲ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੂਬੇ ਦੇ ਸਿਹਤ ਵਿਭਾਗ ਵੱਲੋਂ ਤਿਆਰ ਸਥਿਤੀ ਰਿਪੋਰਟ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਕੋਲ ਜਮ੍ਹਾਂ ਕੀਤੀ। ਉਨ੍ਹਾਂ ਬੈਂਚ ਨੂੰ ਕਿਹਾ, ”ਇਕ ਸਥਿਤੀ ਰਿਪੋਰਟ ਜਮ੍ਹਾਂ ਕੀਤੀ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਰਿਪੋਰਟ ਜਮ੍ਹਾਂ ਕੀਤੀ ਹੈ। ਡਾਕਟਰ ਹੜਤਾਲ ‘ਤੇ ਹਨ, ਇਸ ਵਾਸਤੇ 23 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।” ਸਿਖ਼ਰਲੀ ਅਦਾਲਤ ਇਸ ਮਾਮਲੇ ਵਿਚ ਸੂਬਾ ਸਰਕਾਰ ਅਤੇ ਸੀ.ਬੀ.ਆਈ. ਵੱਲੋਂ ਦਾਖ਼ਲ ਸਥਿਤੀ ਰਿਪੋਰਟ ਦਾ ਅਧਿਐਨ ਕਰ ਰਹੀ ਹੈ। ਬੈਂਚ ਵਿਚ ਜਸਟਿਸ ਜੇ.ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ।