#INDIA

ਕੋਵਿੰਦ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਸੌਂਪੀ

ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸੁਝਾਅ ਦਿੱਤਾ ਹੈ ਕਿ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਦੂਜੇ ਪੜਾਅ ‘ਚ 100 ਦਿਨਾਂ ਦੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ’ਚ ਕਿਸੇ ਪਾਰਟੀ ਨੂੰ ਬਹੁਮਤ ਨਾਲ ਮਿਲਣ ਤੇ ਬੇਭਰੋਸਗੀ ਮਤੇ ਦੀ ਸਥਿਤੀ ਵਿੱਚ ਬਾਕੀ ਬਚੇ ਪੰਜ ਸਾਲਾਂ ਦੇ ਕਾਰਜਕਾਲ ਲਈ ਨਵੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਕਮੇਟੀ ਨੇ 18,626 ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪੀ। ਇਹ ਰਿਪੋਰਟ ਸਬੰਧਤ ਧਿਰਾਂ, ਮਾਹਿਰਾਂ ਨਾਲ ਵਿਆਪਕ ਸਲਾਹ ਮਸ਼ਵਰੇ ਅਤੇ 191 ਦਿਨਾਂ ਦੇ ਖੋਜ ਤੌਂ ਬਾਅਦ ਤਿਆਰ ਕੀਤੀ ਗਈ ਹੈ। ਕਮੇਟੀ 2 ਸਤੰਬਰ 2023 ਨੂੰ ਬਣਾਈ ਗਈ ਸੀ।