ਚੰਡੀਗੜ੍ਹ, 24 ਅਗਸਤ (ਪੰਜਾਬ ਮੇਲ)- ਕੌਮੀ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਸੌਲਿਡ ਵੇਸਟ ਤੇ ਸੀਵਰੇਜ ਪ੍ਰਦੂਸ਼ਣ ਦੇ ਪ੍ਰਬੰਧਨ ‘ਚ ਨਾਕਾਮ ਰਹਿਣ ਕਰ ਕੇ ਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ ਲਾਇਆ ਹੈ। ਕੌਮੀ ਟ੍ਰਿਬਿਊਨਲ ਨੇ ਨੋਟਿਸ ਜਾਰੀ ਕਰਕੇ ਕਿਹਾ ਹੈ ਕਿਉਂ ਨਾ ਵਾਤਾਵਰਨ ਨੇਮਾਂ ਦੀ ਪਾਲਣਾ ‘ਚ ਨਾਕਾਮ ਰਹਿਣ ਕਰਕੇ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਕੌਮੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਕੋਲ ਇੱਕ ਮਹੀਨੇ ਦੇ ਅੰਦਰ 1026 ਕਰੋੜ ਰੁਪਏ ਜਮ੍ਹਾਂ ਕਰਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਲਈ ਟ੍ਰਿਬਿਊਨਲ ਦਾ ਇਹ ਫੈਸਲਾ ਝਟਕੇ ਵਾਂਗ ਹੈ ਕਿਉਂਕਿ ਸੂਬਾ ਤਾਂ ਪਹਿਲਾਂ ਹੀ ਵਿੱਤੀ ਤੰਗੀ ਵਿਚੋਂ ਲੰਘ ਰਿਹਾ ਹੈ। ਕੌਮੀ ਟ੍ਰਿਬਿਊਨਲ ਨੇ ਕਿਹਾ ਹੈ ਕਿ 22 ਸਤੰਬਰ, 2022 ਨੂੰ ਦਿੱਤੇ ਹੁਕਮਾਂ ਦੀ ਪਾਲਣਾ ਕਰਨ ਵਿਚ ਪੰਜਾਬ ਦੇ ਮੁੱਖ ਸਕੱਤਰ ਫੇਲ੍ਹ ਰਹੇ ਹਨ। ਟ੍ਰਿਬਿਊਨਲ ਨੇ ਮੁੱਖ ਸਕੱਤਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪਤਾ ਲੱਗਾ ਹੈ ਕਿ ਕੌਮੀ ਟ੍ਰਿਬਿਊਨਲ ਦੇ ਹੁਕਮਾਂ ਤੋਂ ਬਾਅਦ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਖਿਚਾਈ ਕੀਤੀ ਹੈ। ਪਤਾ ਲੱਗਾ ਹੈ ਕਿ ਸੂਬਾ ਸਰਕਾਰ ਕੌਮੀ ਟ੍ਰਿਬਿਊਨਲ ਦੇ ਇਨ੍ਹਾਂ ਹੁਕਮਾਂ ਖਿਲਾਫ ਅਪੀਲ ਦਾਇਰ ਕਰਨ ਦੀ ਤਿਆਰੀ ਕਰ ਰਹੀ ਹੈ। ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਵਿੱਤ ਵਿਭਾਗ ਕੋਲ ਵੀ ਉਠਾਇਆ ਜਾ ਰਿਹਾ ਹੈ।
ਜੁਰਮਾਨਾ ਆਮ ਆਦਮੀ ਪਾਰਟੀ ਨੂੰ ਲਾਇਆ ਜਾਵੇ: ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੂੰ ਅਪੀਲ ਕੀਤੀ ਹੈ ਕਿ ਉਹ ਹਦਾਇਤ ਕਰੇ ਕਿ ਵਾਤਾਵਰਨ ਕਾਨੂੰਨਾਂ ਦੀ ਪਾਲਣਾ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਲਗਾਇਆ 3108 ਕਰੋੜ ਰੁਪਏ ਦਾ ਜੁਰਮਾਨਾ ਆਮ ਆਦਮੀ ਪਾਰਟੀ (ਆਪ) ਆਪ ਭਰੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਗ੍ਰੀਨ ਕਾਨੂੰਨਾਂ ਦੀ ਪਾਲਣਾ ਨਾ ਕਰਨ ‘ਤੇ ਪੰਜਾਬੀਆਂ ਨੂੰ ਜੁਰਮਾਨਾ ਨਹੀਂ ਲਗਾਇਆ ਜਾਣਾ ਚਾਹੀਦਾ। ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ‘ਆਪ’ ਸਰਕਾਰ ਸੌਲਿਡ ਤੇ ਸੀਵਰੇਜ ਕੂੜੇ ਦੇ ਪ੍ਰਬੰਧਨ ਲਈ ਲੋੜੀਂਦੇ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ। 2022 ਵਿਚ ਇਸ ਨੂੰ 2080 ਕਰੋੜ ਰੁਪਏ ਜੁਰਮਾਨਾ ਲਗਾਏ ਜਾਣ ਦੇ ਬਾਵਜੂਦ ਕੁੱਝ ਨਹੀਂ ਕੀਤਾ, ਜਿਸ ਕਾਰਨ ਹੁਣ 1026 ਕਰੋੜ ਰੁਪਏ ਦਾ ਹੋਰ ਜੁਰਮਾਨਾ ਲੱਗ ਗਿਆ ਹੈ। ਸ਼੍ਰੀ ਬਾਦਲ ਨੇ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ। ਇਸ ਕਰਕੇ ਸੂਬੇ ਦੇ ਮੁੱਖ ਸਕੱਤਰ ਦੀ ਥਾਂ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਇਸ ਸਭ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਉਹ ਪੰਜਾਬ ਦੇ ਵਿਕਾਸ ਕਾਰਜਾਂ ਦੀ ਥਾਂ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਹੋਰ ਰਾਜਾਂ ਦੀ ਇਸ਼ਤਿਹਾਰਬਾਜ਼ੀ ‘ਤੇ ਖਰਚ ਕਰ ਰਹੀ ਹੈ।