#INDIA

ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ‘ਤੇ ਪੰਜਾਬ ‘ਚ ਵਿਵਾਦ

ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਮੰਡੀ,  ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਵੀ ਫਿਲਮ ਨੂੰ ਲੈ ਕੇ ਪੰਜਾਬ ‘ਚ ਵਿਵਾਦ ਸ਼ੁਰੂ ਹੋ ਚੁੱਕਾ ਹੈ।

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਿੱਚ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫਿਲਮ ਸੂਬੇ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸੂਬੇ ਦੇ ਹਾਲਾਤ ਅਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਕਾਂਗਰਸ ਪੰਜਾਬ ਸਰਕਾਰ ਤੋਂ ਨਵੀਂ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਪੰਜਾਬ ‘ਚ ਮੁਕੰਮਲ ਪਾਬੰਦੀ ਲਗਾਉਣ ਦੀ ਮੰਗ ਵੀ ਕਰੇਗੀ।

ਅਭਿਨੇਤਰੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇਸ ਫਿਲਮ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਟਰੇਲਰ ‘ਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਵੀਂ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਿੱਖ ਕੌਮ ਦੇ ਲੋਕਾਂ ਨੂੰ ਠੇਸ ਪਹੁੰਚ ਰਹੀ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਿਖਾਇਆ ਗਿਆ ਹੈ, ਇਹ ਇੱਕ ਡੂੰਘੀ ਸਾਜ਼ਿਸ਼ ਹੈ। ਇਹ ਫਿਲਮ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਵੱਲ ਸਰਕਾਰ ਨੂੰ ਪਹਿਲਾਂ ਹੀ ਧਿਆਨ ਦੇਣਾ ਚਾਹੀਦਾ ਹੈ ਅਤੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਪ੍ਰਤੀ ਨਫਰਤ ਨੂੰ ਭੜਕਾਉਣਾ ਬੰਦ ਕਰਨਾ ਚਾਹੀਦਾ ਹੈ।
ਸਰਬਜੀਤ ਸਿੰਘ ਖਾਲਸਾ ਬੇਅੰਤ ਸਿੰਘ ਦਾ ਪੁੱਤਰ ਹੈ। ਬੇਅੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਵਿੱਚ ਸ਼ਾਮਲ ਸੀ। ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਫਿਲਮ ਐਮਰਜੈਂਸੀ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਸੀ। ਇਸ ਵਿਚ 1980 ਦੇ ਦਹਾਕੇ ਵਿਚ ਪੰਜਾਬ ਦੇ ਦੌਰ ਨੂੰ ਵੀ ਦਰਸਾਇਆ ਗਿਆ ਹੈ। ਫਿਲਮ ਵਿੱਚ ਭਿਡਰਾਂਵਾਲਿਆਂ ਦਾ ਕਿਰਦਾਰ ਵੀ ਹੈ। ਸਰਬਜੀਤ ਖਾਲਸਾ ਦਾ ਮੰਨਣਾ ਹੈ ਕਿ ਫਿਲਮ ਵਿੱਚ ਸਾਕਾ ਨੀਲਾ ਤਾਰਾ ਨਾਲ ਸਬੰਧਤ ਦ੍ਰਿਸ਼ ਵੀ ਦਿਖਾਏ ਗਏ ਹਨ, ਜੋ ਕਿ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਹੀ ਸ਼ੁਰੂ ਕੀਤਾ ਗਿਆ ਸੀ।
ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਿੱਖ ਭਾਈਚਾਰੇ ਦੇ ਲੋਕ ਕੰਗਨਾ ਦੀ ਨਵੀਂ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਡੀਸੀ ਨੂੰ ਪੱਤਰ ਲਿਖ ਰਹੇ ਹਨ। ਸੂਬੇ ਦੀਆਂ ਕੁਝ ਜਥੇਬੰਦੀਆਂ ਆਉਣ ਵਾਲੇ ਦਿਨਾਂ ਵਿੱਚ ਇਸ ਨਵੀਂ ਫ਼ਿਲਮ ਦੇ ਰਿਲੀਜ਼ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦੀ ਵੀ ਤਿਆਰੀ ਕਰ ਰਹੀਆਂ ਹਨ।