ਬਠਿੰਡਾ, 18 ਜੁਲਾਈ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਚਰਚਿਤ ਮਾਣਹਾਨੀ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਸਥਾਨਕ ਅਦਾਲਤ ਵਿਚ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਨਿਰਧਾਰਤ ਕਰ ਦਿੱਤੀ ਹੈ। ਹੁਣ ਅਗਲੀ ਤਾਰੀਖ ‘ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ ਦੇ ਨਾਲ-ਨਾਲ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ ‘ਤੇ ਵੀ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਬੇਬੇ ਮਹਿੰਦਰ ਕੌਰ ਵੱਲੋਂ ਪੇਸ਼ ਹੋ ਰਹੇ ਵਕੀਲ ਰਘੁਬੀਰ ਸਿੰਘ ਬਹਨੀਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਦਾਲਤ ਨੇ ਬੇਬੇ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹੀ ਲਈ ਬੁਲਾਇਆ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਪ੍ਰਭਾਵਿਤ ਰਹੀ। ਇਸ ਕਾਰਨ ਗਵਾਹਾਂ ਦੀ ਪੇਸ਼ੀ ਨਹੀਂ ਹੋ ਸਕੀ ਅਤੇ ਅਦਾਲਤ ਨੇ ਅਗਲੀ ਸੁਣਵਾਈ 3 ਅਗਸਤ ਲਈ ਮੁਕੱਰਰ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅਗਲੀ ਤਾਰੀਖ ‘ਤੇ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ ‘ਤੇ ਵੀ ਬਹਿਸ ਹੋਵੇਗੀ। ਅਦਾਲਤ ਦੇ ਹੁਕਮ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਸਪੱਸ਼ਟ ਹੋਵੇਗੀ।
ਇਹ ਮਾਮਲਾ ਦਿੱਲੀ ਵਿਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਚੱਲੇ ਕਿਸਾਨ ਅੰਦੋਲਨ ਦੌਰਾਨ ਸਾਹਮਣੇ ਆਇਆ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਬੇਬੇ ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਵਿਚ ਸ਼ਾਮਲ ਬਜ਼ੁਰਗ ਮਹਿਲਾਵਾਂ ਬਾਰੇ ਟਿੱਪਣੀ ਕੀਤੀ ਸੀ ਕਿ ਉਹ ”100-100 ਰੁਪਏ ਲੈ ਕੇ ਧਰਨੇ ‘ਤੇ ਆਉਂਦੀਆਂ ਹਨ।” ਬੇਬੇ ਮਹਿੰਦਰ ਕੌਰ ਦਾ ਕਹਿਣਾ ਹੈ ਕਿ ਇਸ ਟਿੱਪਣੀ ਨਾਲ ਉਨ੍ਹਾਂ ਦੀ ਇੱਜ਼ਤ ਅਤੇ ਸਾਖ ਨੂੰ ਠੇਸ ਪਹੁੰਚੀ, ਜਿਸ ਕਾਰਨ ਉਨ੍ਹਾਂ ਨੇ ਅਦਾਲਤ ਦਾ ਰੁਖ ਕੀਤਾ। ਮਾਮਲੇ ਨੂੰ ਖ਼ਤਮ ਕਰਵਾਉਣ ਲਈ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਵਿਚ ਵੀ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਮਨਜ਼ੂਰ ਨਹੀਂ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਸਥਾਨਕ ਅਦਾਲਤ ਵਿਚ ਵਿਚਾਰ ਅਧੀਨ ਹੈ, ਜਿੱਥੇ ਹੁਣ ਇਸ ਦੀ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।
ਕੰਗਨਾ ਰਣੌਤ ਮਾਣਹਾਨੀ ਮਾਮਲਾ: ਹੁਣ ਅਗਲੀ ਸੁਣਵਾਈ 3 ਅਗਸਤ ਨੂੰ!

