#INDIA

ਕੰਗਨਾ ਰਣੌਤ ਵੱਲੋਂ ਫਿਲਮ ਐਮਰਜੈਂਸੀ ਨੂੰ ਰਿਲੀਜ਼ ਕਰਾਉਣ ਲਈ ਹਾਈਕੋਰਟ ਤੱਕ ਪਹੁੰਚ

ਮੁੰਬਈ, 4 ਸਤੰਬਰ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਉਸ ਦੀ ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਸੀ ਪਰ ਫਿਲਹਾਲ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਦਰਅਸਲ ਫਿਲਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੰਗਣਾ ਨੇ ‘ਐਮਰਜੈਂਸੀ’ ਵਿਚ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਦਿਖਾਇਆ ਹੈ। ਇੰਨਾ ਹੀ ਨਹੀਂ, ਫਿਲਮ ‘ਤੇ ਇਤਿਹਾਸਕ ਘਟਨਾਵਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਵੀ ਦੋਸ਼ ਹੈ। ਇਨ੍ਹਾਂ ਵਿਵਾਦਾਂ ਕਾਰਨ ਫਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਇਸ ਦੌਰਾਨ ਨਿਰਮਾਤਾਵਾਂ ਨੇ ‘ਐਮਰਜੈਂਸੀ’ ਨੂੰ ਰਿਲੀਜ਼ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਨੇ ਮੰਗਲਵਾਰ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ। ਉਨ੍ਹਾਂ ਨੇ ਇਕ ਪਟੀਸ਼ਨ ਦਾਇਰ ਕਰਕੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਸੈਂਟਰਲ ਬੋਰਡ ਆਫ ਸਰਟੀਫਿਕੇਸ਼ਨ (ਸੀ.ਬੀ.ਐੱਫ.ਸੀ.) ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।