#PUNJAB

ਗੁਰਪੁਰਬ ਮੌਕੇ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ; ਅਕਾਲੀ ਦਲ ਨਿਭਾਏਗਾ ਵੱਡੇ ਭਰਾ ਦੀ ਭੂਮਿਕਾ

-ਪ੍ਰਧਾਨ ਮੰਤਰੀ ਮੋਦੀ ਵੱਲੋਂ ਸਵਾਗਤ
ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿਚ ਇੱਕ ਵੱਡਾ ਫੇਰਬਦਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ ਛੇ ਸਾਲਾਂ ਬਾਅਦ ਮੁੜ ਹੱਥ ਮਿਲਾ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 24 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਦੋਵਾਂ ਪਾਰਟੀਆਂ ਦੇ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਕੌਮੀ ਜਮਹੂਰੀ ਗੱਠਜੋੜ ਯਾਨੀ ਐੱਨ.ਡੀ.ਏ. ਦਾ ਹਿੱਸਾ ਬਣ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਜਦੋਂ ਉਨ੍ਹਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ। ਇਸ ਬਿਆਨ ਤੋਂ ਸਪੱਸ਼ਟ ਸੰਕੇਤ ਮਿਲੇ ਹਨ ਕਿ ਪੰਜਾਬ ਵਿਚ ਇਸ ਗੱਠਜੋੜ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਕਰੇਗਾ। ਹਾਲਾਂਕਿ ਮੁੱਖ ਮੰਤਰੀ ਦੇ ਉਮੀਦਵਾਰ ਦੇ ਨਾਂ ਦਾ ਰਸਮੀ ਐਲਾਨ ਅਜੇ ਨਹੀਂ ਕੀਤਾ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਐੱਨ.ਡੀ.ਏ. ਵਿਚ ਵਾਪਸੀ ਦਾ ਭਰਵਾਂ ਸਵਾਗਤ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਆਪਣਾ ਸੰਦੇਸ਼ ਪੰਜਾਬੀ ਅਤੇ ਅੰਗਰੇਜ਼ੀ ਵਿਚ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ ਹੈ। ਉਨ੍ਹਾਂ ਖ਼ੁਸ਼ੀ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਐੱਨ.ਡੀ.ਏ. ਪਰਿਵਾਰ ਵਿਚ ਵਾਪਸ ਪਰਤਿਆ ਹੈ।
ਪ੍ਰਧਾਨ ਮੰਤਰੀ ਨੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਇੱਕ ਸੁਭਾਵਿਕ ਭਾਈਵਾਲੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦਾ ਉਦੇਸ਼ ਪੰਜਾਬ ਨੂੰ ਲੋਕ-ਪੱਖੀ ਸਰਕਾਰ ਦੇਣਾ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਾ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇਗਾ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗੱਠਜੋੜ ਨੂੰ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਨੇ ਪਹਿਲਾਂ ਵੀ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਦੀ ਤੋਂ ਵੀ ਪੁਰਾਣੀ ਜਥੇਬੰਦੀ ਹੈ, ਜਿਸ ਨੇ ਪੰਜਾਬ, ਦੇਸ਼ ਅਤੇ ਸਿੱਖ ਕੌਮ ਦੇ ਹਿੱਤਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਇਸ ਗੱਠਜੋੜ ਨੂੰ ਪੰਜਾਬ ਦੇ ਵਿਕਾਸ ਅਤੇ ਹਿੰਦੂ-ਸਿੱਖ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਦੱਸਿਆ।
ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਦੋਵੇਂ ਪਾਰਟੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕਰਨਗੀਆਂ। ਉਨ੍ਹਾਂ ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਵੀ ਰੱਖਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਪੰਜਾਬ ਦੀ ਆਰਥਿਕ ਸਥਿਤੀ ਅਤੇ ਸੂਬੇ ਦੇ ਵਿਕਾਸ ਵਰਗੇ ਮੁੱਦਿਆਂ ਨੂੰ ਤਰਜੀਹ ਦੇਣ ਦੀ ਗੱਲ ਕਹੀ ਗਈ ਹੈ।
ਇਸ ਗੱਠਜੋੜ ਨੂੰ ਸਿਰੇ ਚੜ੍ਹਾਉਣ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੀ ਨਿੱਜੀ ਪਹਿਲਕਦਮੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦੋਵਾਂ ਪਾਰਟੀਆਂ ਵਿਚਾਲੇ ਮੁੜ ਨੇੜਤਾ ਦੇ ਸੰਕੇਤ ਅਪਰੈਲ 2023 ਵਿਚ ਮਿਲਣੇ ਸ਼ੁਰੂ ਹੋ ਗਏ ਸਨ, ਜਦੋਂ ਭਾਜਪਾ ਦੇ ਤਤਕਾਲੀ ਕੌਮੀ ਪ੍ਰਧਾਨ ਜੇ.ਪੀ. ਨੱਢਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਵਿਚਾਲੇ ਸੰਪਰਕ ਬਣਿਆ ਰਿਹਾ।
ਰਿਪੋਰਟਾਂ ਮੁਤਾਬਕ ਅਗਸਤ ਮਹੀਨੇ ਪ੍ਰਧਾਨ ਮੰਤਰੀ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਗੱਠਜੋੜ ਸਬੰਧੀ ਗੱਲਬਾਤ ਵਿਚ ਤੇਜ਼ੀ ਆਈ। ਕੇਂਦਰੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਵਿਚ ਕਰਵਾਏ ਗਏ ਜ਼ਮੀਨੀ ਸਰਵੇਖਣਾਂ ਨੇ ਵੀ ਇਸ ਗੱਠਜੋੜ ਲਈ ਰਾਹ ਪੱਧਰਾ ਕੀਤਾ। ਇਨ੍ਹਾਂ ਸਰਵੇਖਣਾਂ ਵਿਚ ਕਥਿਤ ਤੌਰ ‘ਤੇ ਸਾਹਮਣੇ ਆਇਆ ਕਿ ਦੋਵੇਂ ਪਾਰਟੀਆਂ ਵੱਖ-ਵੱਖ ਚੋਣਾਂ ਲੜਨ ਦੀ ਬਜਾਏ ਇਕੱਠੀਆਂ ਹੋ ਕੇ ਵਧੇਰੇ ਮਜ਼ਬੂਤ ਚੋਣ ਮੁਕਾਬਲਾ ਦੇ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਸਤੰਬਰ 2020 ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ ਦਹਾਕਿਆਂ ਪੁਰਾਣਾ ਗੱਠਜੋੜ ਤੋੜ ਦਿੱਤਾ ਸੀ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿਚ ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।
ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਅਕਾਲੀ-ਭਾਜਪਾ ਗੱਠਜੋੜ ਨੇ 2007 ਵਿਚ 67 ਅਤੇ 2012 ਵਿਚ 68 ਸੀਟਾਂ ਜਿੱਤੀਆਂ ਸਨ। ਸਾਲ 2017 ਵਿਚ ਅਕਾਲੀ ਦਲ ਨੂੰ 15 ਅਤੇ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਮਿਲੀਆਂ ਸਨ। ਸਾਲ 2022 ਵਿਚ ਦੋਵਾਂ ਪਾਰਟੀਆਂ ਨੇ ਵੱਖੋ-ਵੱਖਰੇ ਗੱਠਜੋੜਾਂ ਤਹਿਤ ਚੋਣਾਂ ਲੜੀਆਂ ਸਨ। ਉਸ ਸਮੇਂ ਅਕਾਲੀ ਦਲ ਨੂੰ ਤਿੰਨ ਅਤੇ ਭਾਜਪਾ ਨੂੰ ਦੋ ਸੀਟਾਂ ਹੀ ਮਿਲੀਆਂ ਸਨ, ਜਦਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ।
ਹੁਣ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ ਆਪਣੀ ਚੋਣ ਰਣਨੀਤੀ ਉੱਤੇ ਮੁੜ ਵਿਚਾਰ ਕਰਨਾ ਪੈ ਸਕਦਾ ਹੈ। ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਦਾ ਅੰਤਿਮ ਫਾਰਮੂਲਾ ਅਜੇ ਜਨਤਕ ਨਹੀਂ ਹੋਇਆ।
ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਦੇ ਕਿਸਾਨ ਇਸ ਗੱਠਜੋੜ ਨੂੰ ਸਵੀਕਾਰ ਕਰਨਗੇ? ਕੀ ਅਕਾਲੀ ਦਲ ਆਪਣਾ ਪੁਰਾਣਾ ਵੋਟ ਬੈਂਕ ਮੁੜ ਹਾਸਲ ਕਰ ਸਕੇਗਾ? ਕੀ ਭਾਜਪਾ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਆਪਣਾ ਆਧਾਰ ਮਜ਼ਬੂਤ ਕਰ ਸਕੇਗੀ? ਇਹ ਵੀ ਦੇਖਣਾ ਹੋਵੇਗਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ, ਨਸ਼ਿਆਂ ਦੀ ਸਮੱਸਿਆ, ਸੂਬੇ ਦੇ ਵਧਦੇ ਕਰਜ਼ੇ ਅਤੇ ਬੇਰੁਜ਼ਗਾਰੀ ਸਬੰਧੀ ਇਹ ਗੱਠਜੋੜ ਕਿਹੜੀ ਠੋਸ ਨੀਤੀ ਲੈ ਕੇ ਆਉਂਦਾ ਹੈ।
ਫਿਲਹਾਲ ਇਸ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਸਿਆਸੀ ਸਾਂਝ ਨੂੰ ਪੰਜਾਬ ਦੇ ਲੋਕ ਕਿੰਨਾ ਕੁ ਸਮਰਥਨ ਦਿੰਦੇ ਹਨ ਅਤੇ ਕੀ ਇਹ ਗੱਠਜੋੜ ਮੁੜ ਪੰਜਾਬ ਦੀ ਸੱਤਾ ਵਿਚ ਵਾਪਸੀ ਕਰਨ ਵਿਚ ਕਾਮਯਾਬ ਹੁੰਦਾ ਹੈ, ਇਸ ਦਾ ਅਸਲ ਫ਼ੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਵੋਟਰ ਹੀ ਕਰਨਗੇ।