#PUNJAB

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਨਵੋਕੇਸ਼ਨ ‘ਚ ਅਟਾਰਨੀ-ਐਟ-ਲਾਅ ਜਸਪ੍ਰੀਤ ਸਿੰਘ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ਦੌਰਾਨ ਨਿਊਯਾਰਕ (ਅਮਰੀਕਾ) ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਵਿਲੱਖਣ ਪੇਸ਼ੇਵਰ ਪ੍ਰਾਪਤੀਆਂ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਲਈ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰ ਆਫ ਲਾਅਜ਼ (Honoris Causa) ਦੀ ਮਾਣਯੋਗ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਾਂਝੇ ਤੌਰ ‘ਤੇ ਪ੍ਰਦਾਨ ਕੀਤਾ। ਕਨਵੋਕੇਸ਼ਨ ਸਮਾਗਮ ਦੌਰਾਨ ਕੁੱਲ 456 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਨਮਾਨ ਦਿੱਤੇ ਗਏ, ਜਿਨ੍ਹਾਂ ਵਿਚ 3 ਚਾਂਸਲਰ ਮੈਡਲ, 35 ਮੈਮੋਰੀਅਲ ਮੈਡਲ, 82 ਖੋਜ ਵਿਦਿਆਰਥੀਆਂ ਨੂੰ ਪੀ.ਐੱਚ.ਡੀ. ਅਤੇ 336 ਵਿਦਿਆਰਥੀਆਂ ਨੂੰ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਸ. ਜਸਪ੍ਰੀਤ ਸਿੰਘ ਨੇ ਅਮਰੀਕੀ ਇਮੀਗ੍ਰੇਸ਼ਨ ਕਾਨੂੰਨ ਦੇ ਖੇਤਰ ਵਿਚ 24 ਸਾਲਾਂ ਤੋਂ ਵੱਧ ਸਮੇਂ ਦੌਰਾਨ ਦਸ ਹਜ਼ਾਰ ਤੋਂ ਵੱਧ ਇਮੀਗ੍ਰੇਸ਼ਨ ਮਾਮਲਿਆਂ ਨੂੰ ਸਫਲਤਾਪੂਰਵਕ ਸੰਭਾਲਿਆ ਹੈ ਅਤੇ ਹਜ਼ਾਰਾਂ ਪੰਜਾਬੀ ਪਰਿਵਾਰਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਪਰਵਾਸੀ ਭਾਈਚਾਰੇ ਅਤੇ ਅਮਰੀਕੀ ਕਾਨੂੰਨੀ ਪ੍ਰਣਾਲੀ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਜਾਣੇ ਜਾਂਦੇ ਹਨ ਅਤੇ ਇਮੀਗ੍ਰੇਸ਼ਨ ਨੀਤੀਆਂ ਅਤੇ ਸੁਧਾਰਾਂ ਨਾਲ ਜੁੜੇ ਮਹੱਤਵਪੂਰਨ ਵਿਚਾਰ-ਵਟਾਂਦਰਿਆਂ ਵਿਚ ਵੀ ਅਹਿਮ ਭੂਮਿਕਾ ਨਿਭਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸ. ਜਸਪ੍ਰੀਤ ਸਿੰਘ ਨੂੰ ਨਿਊ ਜਰਸੀ ਗਵਰਨਿੰਗ ਕੌਂਸਲ ਲਈ ਚੁਣਿਆ ਗਿਆ, ਨਿਊ ਜਰਸੀ ਟ੍ਰਾਂਜ਼ੀਸ਼ਨ ਇੰਟਰਡਿਸਪਲਿਨਰੀ ਐਡਵਾਇਜ਼ਰੀ ਟਾਸਕ ਫੋਰਸ ਦਾ ਮੈਂਬਰ ਨਿਯੁਕਤ ਕੀਤਾ ਗਿਆ ਅਤੇ ਵਾਸ਼ਿੰਗਟਨ ਡੀ.ਸੀ. ਵਿਚ ‘ਬਰਜ ਗਲੋਬਲ ਪਾਵਰ 100’ ਵਿਚ ਵੀ ਸ਼ਾਮਲ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਲੱਖਣ ਸਾਬਕਾ ਵਿਦਿਆਰਥੀ ਵਜੋਂ ਉਨ੍ਹਾਂ ਨੇ ਸਿੱਖ ਅਧਿਐਨ ਚੇਅਰ ਲਈ 5 ਕਰੋੜ ਰੁਪਏ, ਪੀ.ਐੱਚ.ਡੀ. ਸਕਾਲਰਸ਼ਿਪਾਂ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਵਿਦੇਸ਼ੀ ਕੈਂਪਸ ਦੀ ਸਥਾਪਨਾ ਲਈ ਕੈਲੀਫੋਰਨੀਆ ਵਿਚ ਜ਼ਮੀਨ ਵੀ ਦਾਨ ਕੀਤੀ ਹੈ।
ਸਨਮਾਨ ਪ੍ਰਾਪਤ ਕਰਨ ਉਪਰੰਤ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਜੁੜਨਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਦੂਰਅੰਦੇਸ਼ੀ ਨਾਲ ਕੰਮ ਕਰ ਰਹੇ ਹਨ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਅਕਾਦਮਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਹਮੇਸ਼ਾ ਆਪਣੀ ਮਾਤਭੂਮੀ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਰਹਿੰਦੇ ਹਨ ਅਤੇ ਭਵਿੱਖ ਵਿਚ ਵੀ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਹਰ ਸੰਭਵ ਸਹਿਯੋਗ ਜਾਰੀ ਰਹੇਗਾ।
ਸਮਾਗਮ ਵਿਚ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਐਡੀਸ਼ਨਲ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ (ਆਈ.ਏ.ਐੱਸ.), ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ, ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਜਤਿੰਦਰ ਸਿੰਘ ਭਾਟੀਆ, ਐੱਸ.ਜੀ.ਪੀ.ਸੀ. ਦੇ ਕਾਰਜਕਾਰੀ ਮੈਂਬਰ ਰਜਿੰਦਰ ਸਿੰਘ ਮਹਿਤਾ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ, ਮਾਪੇ, ਅਧਿਆਪਕ ਅਤੇ ਹੋਰ ਪਤਵੰਤੇ ਸ਼ਾਮਲ ਹੋਏ।