ਨਵੀਂ ਦਿੱਲੀ, 22 ਫਰਵਰੀ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲਾ ਨੇ ਭ੍ਰਿਸ਼ਟਾਚਾਰ ‘ਤੇ ਲਗਾਮ ਲਾਉਣ ਲਈ ਗਠਿਤ ਇਕ ‘ਫੀਡਬੈਕ ਯੂਨਿਟ’ (ਐੱਫ.ਬੀ.ਯੂ.) ਜ਼ਰੀਏ ਸਿਆਸੀ ਖ਼ੁਫੀਆ ਜਾਣਕਾਰੀ ਇਕੱਠੀ ਕੀਤੇ ਜਾਣ ਦੇ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ ਸੀ.ਬੀ.ਆਈ. ਨੂੰ ਜਾਂਚ ਦੀ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੇ ਉਪ ਰਾਜਪਾਲ ਦੇ ਪ੍ਰਧਾਨ ਸਕੱਤਰ ਨੂੰ ਭੇਜੇ ਗਏ ਪੱਤਰ ‘ਚ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ।
ਦਰਅਸਲ ਇਸ ਮਹੀਨੇ ਦੀ ਸ਼ੁਰੂਆਤ ‘ਚ ਸੀ.ਬੀ.ਆਈ. ਨੇ ਕਿਹਾ ਸੀ ਕਿ ਉਸ ਨੇ ਆਪਣੀ ਮੁੱਢਲੀ ਜਾਂਚ ‘ਚ ਪਾਇਆ ਹੈ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਦਿੱਲੀ ਸਰਕਾਰ ਵਲੋਂ ਸਥਾਪਤ ਐੱਫ.ਬੀ.ਯੂ. ਨੇ ਕਥਿਤ ਤੌਰ ‘ਤੇ ਸਿਆਸੀ ਖ਼ੁਫੀਆ ਜਾਣਕਾਰੀ ਇਕੱਠੀ ਕੀਤੀ ਸੀ। ਏਜੰਸੀ ਨੇ ਸਿਸੋਦੀਆ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨੈਸ਼ਨਲ ਰਾਜਧਾਨੀ ਖੇਤਰ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਵੱਖ-ਵੱਖ ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ, ਸੰਸਥਾਵਾਂ ਦੇ ਕੰਮਕਾਜ ਬਾਰੇ ਢੁੱਕਵੀਂ ਅਤੇ ਕਾਰਵਾਈ ਯੋਗ ਜਾਣਕਾਰੀ ਇਕੱਠੀ ਕਰਨ ਲਈ 2015 ਵਿਚ ਐੱਫ.ਬੀ.ਯੂ. ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਸੀ।
ਯੂਨਿਟ ਨੇ 2016 ਵਿਚ ਕੰਮ ਕਰਨਾ ਸ਼ੁਰੂ ਕੀਤਾ ਸੀ। ਸੀ.ਬੀ.ਆਈ. ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2015 ਵਿਚ ਕੈਬਨਿਟ ਦੀ ਮੀਟਿੰਗ ‘ਚ ਪ੍ਰਸਤਾਵ ਰੱਖਿਆ ਸੀ ਪਰ ਕੋਈ ਏਜੰਡਾ ਨੋਟ ਪ੍ਰਸਾਰਿਤ ਨਹੀਂ ਕੀਤਾ ਗਿਆ ਸੀ। ਏਜੰਸੀ ਨੇ ਦਾਅਵਾ ਕੀਤਾ ਸੀ ਕਿ ਐੱਫ.ਬੀ.ਯੂ. ‘ਚ ਨਿਯੁਕਤੀਆਂ ਲਈ ਲੈਫਟੀਨੈਂਟ ਗਵਰਨਰ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਸੀ.ਬੀ.ਆਈ. ਨੇ ਆਪਣੀ ਮੁੱਢਲੀ ਜਾਂਚ ਰਿਪੋਰਟ ‘ਚ ਕਿਹਾ ਕਿ ਐੱਫ.ਬੀ.ਯੂ. ਨੇ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਤੋਂ ਇਲਾਵਾ ਸਿਆਸੀ ਖ਼ੁਫੀਆ ਜਾਣਕਾਰੀ ਵੀ ਇਕੱਠੀ ਕੀਤੀ। ਸੀ.ਬੀ.ਆਈ. ਨੇ ਦਿੱਲੀ ਸਰਕਾਰ ਦੇ ਵਿਜੀਲੈਂਸ ਵਿਭਾਗ ਦੇ ਹਵਾਲੇ ਤੋਂ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਵਿਜੀਲੈਂਸ ਵਿਭਾਗ ਨੇ ਐੱਫ.ਬੀ.ਯੂ. ‘ਚ ਬੇਨਿਯਮੀਆਂ ਦਾ ਪਤਾ ਲਗਾਇਆ ਸੀ।