ਲੁਧਿਆਣਾ, 20 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨੇੜਲੇ ਸਾਥੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਮੌਕੇ ਸ਼੍ਰੀ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਇੰਦਰ ਇਕਬਾਲ ਸਿੰਘ ਅਟਵਾਲ ਦੇ ਸਮਰਥਨ ‘ਚ ਅਕਾਲੀ ਦਲ ਛੱਡਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਹੱਥ ਫੜਿਆ ਸੀ। ਭਾਜਪਾ ਨੇ ਉਸ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਦਲ ਪਰਿਵਾਰ ਦੀ ਕਥਿਤ ਅਣਦੇਖੀ ਕਾਰਨ ਹੀ ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਜਪਾ ਜੁਆਇਨ ਕੀਤੀ ਹੈ। ਅਟਵਾਲ ਪਰਿਵਾਰ, ਜੋ ਆਜ਼ਾਦੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਰਿਹਾ, ਉਨ੍ਹਾਂ ਨੂੰ ਪਾਰਟੀ ‘ਚ ਸਹੀ ਥਾਂ ਨਹੀਂ ਦਿੱਤੀ ਗਈ, ਜਿਸ ਕਾਰਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਕਈ ਸਾਲਾਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਵੀ ਚੱਲ ਰਹੇ ਸਨ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵਿਚ ਜਾਂਦਿਆਂ ਹੀ ਪਾਰਟੀ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਾ ਦਿੱਤਾ ਹੈ। ਦੱਸ ਦੇਈਏ ਕਿ ਅਟਵਾਲ ਪਿਛਲੀਆਂ ਲੋਕ ਸਭਾ ਚੋਣਾਂ ‘ਚ ਜਲੰਧਰ ਤੋਂ ਬਹੁਤ ਘੱਟ ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਤੋਂ ਹਾਰੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਵੱਡੇ ਕੱਦ ਦੇ ਦਲਿਤ ਆਗੂ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ।