#PUNJAB

ਚੀਮਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ, ਸਰਕਾਰ ਸ਼ਾਂਤੀ ਤੇ ਭਾਈਚਾਰੇ ਲਈ ਵਚਨਬੱਧ

ਲੌਂਗੋਵਾਲ, 20 ਅਗਸਤ (ਪੰਜਾਬ ਮੇਲ)—ਪੰਜਾਬ ਦੇ ਵਿੱਤ, ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖ਼ੂਨਦਾਨ ਕੈਂਪ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਸਮੇਤ ਕਈ ਆਗੂ ਅਤੇ ਵਰਕਰ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਲੋਕਾਂ ਨੇ ਖ਼ੂਨਦਾਨ ਕਰਕੇ ਸੰਤ ਲੌਂਗੋਵਾਲ ਦੀ ਯਾਦ ਨੂੰ ਨਮਨ ਕੀਤਾ।
ਚੀਮਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ 41 ਸਾਲ ਪਹਿਲਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵੱਲੋਂ ਦਰਸਾਏ ਸ਼ਾਂਤੀ ਅਤੇ ਏਕਤਾ ਦੇ ਰਾਹ ’ਤੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੰਗਲੂਰੂ ਵਿੱਚ ਇੱਕ ਕਾਨਫਰੰਸ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦਿੱਤੀ ਹੈ।
ਮੀਡੀਆ ਦੀ ਆਜ਼ਾਦੀ ਬਾਰੇ ਚੀਮਾ ਨੇ ਕਿਹਾ ਕਿ ਸਰਕਾਰ ਕਿਸੇ ਪੱਤਰਕਾਰ ਜਾਂ ਮੀਡੀਆ ਹਾਊਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ ਕੈਬਨਿਟ ਸਬ-ਕਮੇਟੀ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ। ਡੀਏ ਬਕਾਏ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਡੀ ਰਕਮ ਦਾ ਭੁਗਤਾਨ ਕਰ ਚੁੱਕੀ ਹੈ ਅਤੇ ਬਾਕੀ ਰਕਮ ਵੀ ਦਿੱਤੀ ਜਾਵੇਗੀ।