#PUNJAB

ਚੈੱਕ ਬਾਊਂਸ ਮਾਮਲਾ : ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ 3 ਨੂੰ 2-2 ਸਾਲ ਦੀ ਕੈਦ

ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਡੇਰਾ ਬੱਸੀ ਦੀ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਊਸਿੰਗ ਪ੍ਰੋਜੈਕਟ ਵਿਚ ਹਿੱਸੇਦਾਰੀ ਨਾਲ ਜੁੜੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਦੋ–ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਬਾਸ਼ ਸਿੰਘ ਸੋਹੀ ਸਮੇਤ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਅਦਾਲਤ ਵੱਲੋਂ ਦੋ–ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਤਿੰਨਾਂ ‘ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਜਾਣਕਾਰੀ ਮੁਤਾਬਕ ਰਾਜਪੁਰਾ ਇਲਾਕੇ ਵਿਚ ਇੱਕ ਹਾਊਸਿੰਗ ਪ੍ਰੋਜੈਕਟ ਵਿਚ ਪਲਾਟਾਂ ਦੀ ਖਰੀਦ-ਫਰੋਖ਼ਤ ਨਾਲ ਜੁੜਿਆ ਸੌਦਾ ਕੀਤਾ ਗਿਆ ਸੀ। ਸੌਦਾ ਪੂਰਾ ਨਾ ਹੋਣ ਕਾਰਨ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਦਿੱਤੇ ਗਏ, ਪਰ ਉਹ ਚੈੱਕ ਬਾਊਂਸ ਹੋ ਗਏ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ 2018 ਵਿਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਕਾਫ਼ੀ ਸਮੇਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਹੁਣ ਡੇਰਾ ਬੱਸੀ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਦੋ–ਦੋ ਸਾਲ ਦੀ ਸਜ਼ਾ ਸੁਣਾਈ ਹੈ।
ਹਾਲਾਂਕਿ ਫੈਸਲੇ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੇ ਮੌਕੇ ‘ਤੇ ਹੀ ਜ਼ਮਾਨਤ ਲੈ ਲਈ ਹੈ ਅਤੇ ਇਸ ਫੈਸਲੇ ਨੂੰ ਉੱਚ ਅਦਾਲਤ ਵਿਚ ਚੁਣੌਤੀ ਦਿੱਤੀ ਜਾ ਸਕਦੀ ਹੈ। ਸ਼ਿਕਾਇਤਕਰਤਾ ਪੱਖ ਇਸ ਫੈਸਲੇ ਤੋਂ ਸੰਤੁਸ਼ਟ ਨਜ਼ਰ ਆ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਲੰਬੇ ਸਮੇਂ ਤੋਂ ਚੱਲ ਰਹੇ ਕੇਸ ਵਿਚ ਅਖ਼ੀਰਕਾਰ ਇਨਸਾਫ ਮਿਲਿਆ ਹੈ।