#INDIA

ਚੋਣ ਕਮਿਸ਼ਨਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ‘ਤੇ ਸੁਣਵਾਈ ਟਲੀ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਮੇਲ)-ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਪਰੀਮ ਕੋਰਟ ‘ਚ ਸੁਣਵਾਈ ਟਲ ਗਈ ਹੈ, ਸਮੇਂ ਦੀ ਘਾਟ ਕਾਰਨ ਬੁੱਧਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਸੂਰਿਆਕਾਂਤ ਅਤੇ ਐੱਸ. ਕੌਟੀਸ਼ਵਰ ਦੇ ਬੈਂਚ ਨੂੰ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਦਿਨ ਭਰ ਸੰਵਿਧਾਨਕ ਬੈਂਚ ਅੱਗੇ ਸੂਚੀਬੱਧ ਸੰਵਿਧਾਨਕ ਮਹੱਤਵ ਦੇ ਮਾਮਲਿਆਂ ਨਾਲ ਸੰਬੰਧਿਤ ਸੁਣਵਾਈ ‘ਚ ਰੁੱਝੇ ਹੋਏ ਹਨ। ਹਾਲਾਂਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ। ਜਸਟਿਸ ਸੂਰਿਆ ਕਾਂਤ ਨੇ ਇਸ ਮਾਮਲੇ ‘ਚ ਛੇਤੀ ਸੁਣਵਾਈ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਾਈਟਸ, ਲੋਕ ਪ੍ਰਹਰੀ ਅਤੇ ਜਯਾ ਠਾਕੁਰ ਸਮੇਤ ਕਈਆਂ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਲਿਆਂਦੇ ਨਵੇਂ ਕਾਨੂੰਨ ਨੂੰ ਚੁਣੌਤੀ ਦਿੱਤੀ ਹੈ ਅਤੇ ਇਸ ਕਾਨੂੰਨ ਤਹਿਤ ਚੁਣੇ ਗਏ ਨਵੇਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਵਿਵੇਕ ਜੋਸ਼ੀ ਦੀ ਨਿਯੁਕਤੀ ਨੂੰ ਵੀ ਗਲਤ ਕਰਾਰ ਦਿੱਤਾ ਹੈ।