ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਚੋਣ ਬਾਂਡ ਮਾਮਲੇ ਵਿੱਚ ਆਪਣੇ ਫੈਸਲੇ ਵਿੱਚ ਬੈਂਕ ਨੂੰ ਬਾਂਡਾਂ ਦੇ ਸਾਰੇ ਵੇਰਵਿਆਂ ਦਾ ਖੁਲਾਸਾ ਕਰਨ ਲਈ ਕਿਹਾ ਸੀ ਅਤੇ ਉਸ ਇਸ ਸਬੰਧੀ ਹੋਰ ਹੁਕਮਾਂ ਦੀ ਉਡੀਕ ਨਹੀਂ ਕਰਨੀ ਚਾਹੀਦੀ। ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ।