#PUNJAB

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ; ਟਿਕਟ ਵੀ ਕੀਤੀ ਵਾਪਸ

ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪੂਰੀ ਟੀਮ ਦੇ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਦੀ ਪੂਰੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਬੁਟੇਰਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰ. 30 ਤੋਂ ਕੌਂਸਲਰ ਹਨ ਅਤੇ ਪਿਛਲੇ ਤਿੰਨ ਵਾਰ ਤੋਂ ਲਗਾਤਾਰ ਕੌਂਸਲਰ ਦੇ ਰੂਪ ਵਿਚ ਚੋਣ ਜਿੱਤ ਰਹੇ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਨੂੰ ਦੇਖਦੇ ਹੋਏ ਅਕਾਲੀ ਦਲ ਨੇ ਉਨ੍ਹਾਂ ਨੂੰ ਪਹਿਲਾਂ ਚੰਡੀਗੜ੍ਹ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਅਤੇ ਹੁਣ ਇਸ ਵਾਰ ਪਾਰਟੀ ਦੀ ਟਿਕਟ ‘ਤੇ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਦੇ ਲਈ ਉਮੀਦਵਾਰ ਬਣਾਇਆ ਸੀ।
ਹਰਦੀਪ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਮੀਦਵਾਰ ਐਲਾਨ ਕਰਨ ਤੋਂ ਪਹਿਲਾ ਭਰੋਸਾ ਦਿੱਤਾ ਸੀ ਕਿ ਪਾਰਟੀ ਚੋਣ ਦਾ ਸਾਰਾ ਖਰਚ ਚੁੱਕੇਗੀ। ਜਦੋਂ ਹੁਣ ਉਹ ਚੋਣ ਪ੍ਰਚਾਰ ਵਿਚ ਚੰਗੀ ਤਰ੍ਹਾਂ ਨਾਲ ਜੁੱਟ ਗਏ ਹਨ, ਤਾਂ ਪਾਰਟੀ ਨੇ ਕੋਈ ਵੀ ਪੈਸਾ ਖਰਚ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਕ ਸਾਧਾਰਨ ਪਰਿਵਾਰ ਤੋਂ ਹਨ ਅਤੇ ਇੰਨਾ ਵੱਡਾ ਖਰਚ ਨਹੀਂ ਕਰ ਸਕਦੇ। ਨਾਲ ਹੀ ਉਹ ਕਿਸੇ ਵੀ ਰਾਜਨੀਤਕ ਸਾਜ਼ਿਸ਼ ਦੇ ਤਹਿਤ ਕਿਸੇ ਦੇ ਹੱਥਕੰਡੇ ਨਹੀਂ ਬਣ ਸਕਦੇ। ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਉਹ ਆਪਣੀ ਪੂਰੀ ਟੀਮ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਛੱਡ ਰਹੇ ਹਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ ਅਤੇ ਸੰਸਦੀ ਚੋਣ ਨਹੀਂ ਲਣਨਗੇ।