– ਵਰ੍ਹਦੇ ਮੀਂਹ ਦੌਰਾਨ ਹਰ ਥਾਂ ਸੈਂਕੜਿਆਂ ਦੀ ਗਿਣਤੀ ਵਿਚ ਪਹੁੰਚੇ ਕਿਸਾਨ
– ਕੇਂਦਰ ਸਰਕਾਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਮੰਗ
– ਕੌਮੀ ਖੇਤੀ ਮੰਡੀਕਰਨ ਨੀਤੀ ਹਰਗਿਜ਼ ਲਾਗੂ ਨਹੀਂ ਹੋਣ ਦਿਆਂਗੇ
ਚੰਡੀਗੜ੍ਹ, 23 ਦਸੰਬਰ (ਦਲਜੀਤ ਕੌਰ/ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ।
ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਜਥੇਬੰਦੀਆਂ ਨੇ ਡੀ.ਸੀ. ਦਫਤਰਾਂ ‘ਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ। ਭਾਵੇਂ ਕਿ ਪੰਜਾਬ ਵਿਚ ਮੌਸਮ ਖਰਾਬ ਸੀ, ਇਸ ਦੇ ਬਾਵਜੂਦ ਵਰ੍ਹਦੇ ਮੀਂਹ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਇਕੱਠੇ ਹੋਏ, ਆਪਣੀਆਂ ਮੰਗਾਂ ਨੂੰ ਦੁਹਰਾਇਆ ਅਤੇ ਮੰਗ ਪੱਤਰ ਪੇਸ਼ ਕੀਤੇ ਗਏ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਹੈੱਡ ਕੁਆਰਟਰ ‘ਤੇ ਪਹੁੰਚੀਆਂ ਖਬਰਾਂ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਪੰਜਾਬ ਵਿਚ ਪੂਰੀ ਤਰ੍ਹਾਂ ਸਫਲ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਨੂੰ ਸੁਣਵਾਈ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰੇ ਅਤੇ ਮੰਗ ਪੱਤਰ ਵਿਚ ਦਿੱਤੀਆਂ ਗਈਆਂ ਮੰਗਾਂ ‘ਤੇ ਗੌਰ ਕਰੇ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੀ ਗਈ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਫਰੇਮਵਰਕ ਨੂੰ ਕਿਸੇ ਹਾਲਤ ਵਿਚ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਅਸੀਂ ਦਿੱਲੀ ਦੇ ਬਾਰਡਰਾਂ ‘ਤੇ 13 ਮਹੀਨੇ ਸੰਘਰਸ਼ ਕਰਕੇ ਜੋ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਸਨ, ਕੇਂਦਰ ਸਰਕਾਰ ਉਨ੍ਹਾਂ ਹੀ ਕਾਨੂੰਨਾਂ ਨੂੰ ਸੂਬਿਆਂ ਰਾਹੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਦੀ ਇਸ ਸਾਜ਼ਿਸ਼ ਦੇ ਖਿਲਾਫ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਪੱਧਰ ‘ਤੇ ਤਕੜਾ ਸੰਘਰਸ਼ ਸ਼ੁਰੂ ਕਰੇਗਾ।
ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਸੰਘਰਸ਼ ਲੜ ਰਹੇ ਕਿਸਾਨਾਂ ਨਾਲ ਇੱਕਮੁੱਠਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ 6 ਮੈਂਬਰੀ ਏਕਤਾ ਕਮੇਟੀ ਵੱਲੋਂ ਜੋ ਗੱਲਬਾਤ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ. (ਗੈਰ ਰਾਜਨੀਤਿਕ) ਨਾਲ ਕੀਤੀ ਗਈ ਹੈ, ਉਸ ਅਨੁਸਾਰ ਏਕਤਾ ਦੀ ਗੱਲਬਾਤ ਹੋਰ ਅੱਗੇ ਵਧਣ ਦੀਆਂ ਸੰਭਾਵਨਾਵਾਂ ਹਨ।
ਕਿਸਾਨਾਂ ਨੇ ਆਪਣੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਗੱਲਬਾਤ ਸ਼ੁਰੂ ਕਰੇ, ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਜਬਰ ਬੰਦ ਕਰੇ, ਕੌਮੀ ਖੇਤੀ ਮੰਡੀਕਰਨ ਨੀਤੀ ਰੱਦ ਕਰੇ, ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਕਿਸਾਨਾਂ ਨੂੰ ਲਕਸ਼ਰ ਜੇਲ੍ਹ ਵਿਚੋਂ ਰਿਹਾਅ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨੇ ਅਤੇ ਦਿੱਲੀ ਘੋਲ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰੇ।
ਵੱਖ-ਵੱਖ ਥਾਵਾਂ ‘ਤੇ ਇਨ੍ਹਾਂ ਰੋਸ ਧਰਨਿਆਂ ਨੂੰ ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਸਾਰੀਆਂ ਜਥੇਬੰਦੀਆਂ ਦੇ ਸੂਬਾਈ ਅਤੇ ਜ਼ਿਲ੍ਹਿਆਂ ਦੇ ਆਗੂਆਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ: ਸਤਨਾਮ ਸਿੰਘ ਅਜਨਾਲਾ, ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ, ਫੁਰਮਾਨ ਸਿੰਘ ਸੰਧੂ, ਪ੍ਰੇਮ ਸਿੰਘ ਭੰਗੂ, ਮਲੂਕ ਸਿੰਘ ਹੀਰਕੇ, ਬਲਕਰਨ ਸਿੰਘ ਬਰਾੜ, ਨਛੱਤਰ ਸਿੰਘ ਜੈਤੋ, ਬਲਵਿੰਦਰ ਸਿੰਘ ਰਾਜੂ, ਸੁੱਖ ਗਿੱਲ ਮੋਗਾ, ਬੋਘ ਸਿੰਘ ਮਾਨਸਾ, ਸੁਖਦੇਵ ਸਿੰਘ ਅਰਾਈਆਂ ਵਾਲਾ, ਬੂਟਾ ਸਿੰਘ ਸ਼ਾਦੀਪੁਰ, ਕੁਲਦੀਪ ਸਿੰਘ ਬਜੀਦਪੁਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਿੰਦਰ ਸਿੰਘ ਗੋਲੇ ਵਾਲਾ, ਹਰਬੰਸ ਸਿੰਘ ਸੰਘਾ, ਹਰਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਟਾਂਡਾ, ਵੀਰ ਸਿੰਘ ਵੜਬਾ ਅਤੇ ਮੇਜਰ ਸਿੰਘ ਪੁੰਨਾਂਵਾਲ ਸ਼ਾਮਲ ਹਨ।