#PUNJAB

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

ਅੰਮ੍ਰਿਤਸਰ , 17 ਅਕਤੂਬਰ (ਪੰਜਾਬ ਮੇਲ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗੰਭੀਰ ਦੋਸ਼ ਲਾਉਂਦਿਆ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।