ਚੰਡੀਗੜ੍ਹ/ਜਲੰਧਰ, 7 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਆਜ਼ਾਦ ਉਮੀਦਵਾਰ ਅਜੈਵੀਰ ਵਾਲਮੀਕਿ ਅਤੇ ਦੀਪਕ ਭਗਤ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਵਾਗਤ ਕੀਤਾ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੀ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। 2022 ਦੀ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ। ਇਸ ਲਈ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ।