– ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 : ਸਿਬਿਨ ਸੀ
ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ, 2024 (ਬੁੱਧਵਾਰ) ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ, 2024 (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।
ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਚੋਣ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਅਤੇ ਐੱਸਐਸਪੀ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ, ਆਦਰਸ਼ ਨਗਰ ਵਿਖੇ ਇੱਕ ਪਿੰਕ ਪੋਲਿੰਗ ਬੂਥ ਬਣਾਇਆ ਜਾਵੇਗਾ, ਜਿਸ ਦਾ ਪੂਰਾ ਸੰਚਾਲਨ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ੍ਰੀਨ ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਯੂਥ ਪੋਲਿੰਗ ਸਟੇਸ਼ਨ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੀਡਬਲਯੂਡੀ ਪੋਲਿੰਗ ਬੂਥ ਵੀ ਬਣਾਇਆ ਜਾਵੇਗਾ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ਵਿੱਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ।