#PUNJAB

ਜਸਟਿਸ ਸੋਢੀ ਤੇ ਜਥੇਦਾਰ ਗੜਗੱਜ ਵਿਚਾਲੇ ਅਹਿਮ ਮੀਟਿੰਗ

ਸ੍ਰੀ ਆਨੰਦਪੁਰ ਸਾਹਿਬ, 15 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ। ਇਹ ਮੁਲਾਕਾਤ ਜਥੇਦਾਰ ਗੜਗੱਜ ਦੇ ਦਫ਼ਤਰ ਵਿਖੇ ਹੋਈ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਟਿਸ ਸੋਢੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਨੂੰਨੀ ਸੋਧ ਸਬੰਧੀ ਪਹਿਲੇ ਦਿਨ ਤੋਂ ਹੀ ਵਿਸਥਾਰਤ ਲੇਖਾਂ ਰਾਹੀਂ ਸੰਗਤ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜਸਟਿਸ ਸੋਢੀ ਦੀ ਸਿੱਖੀ ਅਤੇ ਕਾਨੂੰਨ ਪ੍ਰਤੀ ਡੂੰਘੀ ਸਮਝ ਸਿੱਖ ਕੌਮ ਲਈ ਮਾਰਗਦਰਸ਼ਕ ਹੈ।

ਜਸਟਿਸ ਸੋਢੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸਿੱਖਾਂ ਦਾ ਅਕੀਦਾ ਨਿੱਜੀ ਅਤੇ ਆਤਮਿਕ ਮਾਮਲਾ ਹੈ, ਜਿਸ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਠੀਕ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਕੀਤਾ ਗਿਆ ਹੈ, ਜਿਸ ਨੂੰ ਸਮਰਪਿਤ ਸਿੱਖ ਕਦੇ ਵੀ ਸਵੀਕਾਰ ਨਹੀਂ ਕਰ ਸਕਦੇ।

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਨਵੇਂ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਅਤੇ ਇਹ ਸਿੱਖ ਕੌਮ ਦੇ ਹਿੱਤਾਂ ਦੇ ਅਨੁਕੂਲ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲਾਂ ਹੀ ਬੇਅਦਬੀ ਮਾਮਲਿਆਂ ਲਈ ਕਾਨੂੰਨੀ ਪ੍ਰਬੰਧ ਮੌਜੂਦ ਹਨ, ਪਰ ਸਿੱਖਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕਾਨੂੰਨ ਪਾਸ ਕਰਕੇ ਗੈਰ-ਸੰਜੀਦਾ ਪਹੁੰਚ ਅਪਣਾਈ ਹੈ। ਇਸ ਦੌਰਾਨ ਦੋਵਾਂ ਨੇ ਮਾਮਲੇ ਸਬੰਧੀ ਭਵਿੱਖੀ ਰਣਨੀਤੀ ਅਤੇ ਅਗਲੇ ਕਦਮਾਂ ’ਤੇ ਵੀ ਵਿਚਾਰ ਕੀਤਾ।