#PUNJAB

ਜ਼ਿਮਨੀ ਚੋਣਾਂ ਮਗਰੋਂ ਹੋ ਸਕਦੈ ਨਿਗਮ ਚੋਣਾਂ ਦਾ ਐਲਾਨ

– ਪੰਜਾਬ ਸਰਕਾਰ ਨੇ ਤਿਆਰੀ ਵਿੱਢੀ
– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ‘ਚ ਪੰਜਾਬ ਦੇ ਨਿਗਮ ਕਮਿਸ਼ਨਰਾਂ ਨਾਲ ਮੀਟਿੰਗ
ਚੰਡੀਗੜ੍ਹ, 30 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਦਿੱਲੀ ਵਿਚ ਪੰਜਾਬ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੀ ਮੀਟਿੰਗ ਵਿਚ ਮੌਜੂਦ ਸਨ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਮਨੀ ਚੋਣਾਂ ਮਗਰੋਂ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫ਼ੰਡ ਜਾਰੀ ਕਰ ਸਕਦੀ ਹੈ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੀ ਵੇਲੇ ਹੋ ਸਕਦਾ ਹੈ। ਦਿੱਲੀ ਵਿਚ ਹੋਈ ਮੀਟਿੰਗ ‘ਚ ਇਨ੍ਹਾਂ ਸ਼ਹਿਰਾਂ ਵਿਚ ਸੜਕਾਂ, ਸੈਨੀਟੇਸ਼ਨ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਥਾਨਕ ਸੰਸਥਾਵਾਂ ਨੂੰ ਆਰਥਿਕ ਤੌਰ ‘ਤੇ ਸਵੈ-ਨਿਰਭਰ ਬਣਾਉਣ ਦੇ ਏਜੰਡੇ ‘ਤੇ ਗੱਲਬਾਤ ਹੋਈ ਹੈ। ਕਮਿਸ਼ਨਰਾਂ ਨੂੰ ਫ਼ੌਰੀ ਐਕਸ਼ਨ ਮੋਡ ਵਿਚ ਆਉਣ ਲਈ ਕਿਹਾ ਗਿਆ ਹੈ। ਨਗਰ ਨਿਗਮਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਪਹਿਲਾਂ ਮੀਟਿੰਗਾਂ ਕਰ ਚੁੱਕੇ ਹਨ।