#PUNJAB

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ!

ਮਾਨਸਾ, 17 ਅਕਤੂਬਰ (ਪੰਜਾਬ ਮੇਲ)- ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਬੀਤੇ ਦਿਨ ਅਸਲਾ ਲਾਇਸੈਂਸ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ ਅਤੇ ਫਿਰ ਦੇਰ ਸ਼ਾਮ ਤੱਕ ਲਾਇਸੈਂਸ ਰੱਦ ਕਰ ਦਿੱਤਾ ਗਿਆ। ਦੱਸ ਦੇਈਏ ਕਿ ਅਸ਼ਵਨੀ ਕੁਮਾਰ ਨੇ ਆਪਣੇ ਇਸ ਲਾਇਸੈਂਸੀ ਅਸਲੇ ਨੂੰ ਹੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਵਰਤਿਆ ਸੀ।
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਇਹ ਲਾਇਸੈਂਸ ਹਥਿਆਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਣ ਦਾ ਹਵਾਲਾ ਦਿੱਤਾ ਹੈ। ਤਤਕਾਲੀ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ 21 ਅਗਸਤ, 2024 ਨੂੰ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਸੀ। ਲਾਇਸੈਂਸ ਜਾਰੀ ਕਰਨ ਵੇਲੇ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ ਦਰਜ 5 ਪੁਲਿਸ ਕੇਸਾਂ ਨੂੰ ਵੀ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਸੀ।
ਇਨ੍ਹਾਂ ‘ਚੋਂ 3 ਪੁਲਿਸ ਕੇਸ ਤਾਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ-144 ਤਹਿਤ ਜਾਰੀ ਕੀਤੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਨ। ਆਮ ਤੌਰ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਖ਼ਸ ਨੂੰ ਅਸਲਾ ਲਾਇਸੈਂਸ ਜਾਰੀ ਨਹੀਂ ਕਰਦੇ, ਜਿਸ ‘ਤੇ ਕੋਈ ਪੁਲਿਸ ਕੇਸ ਦਰਜ ਹੁੰਦਾ ਹੈ।