#PUNJAB

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; 4 ਦਸੰਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ

ਫਿਰੋਜ਼ਪੁਰ, 1 ਦਸੰਬਰ (ਪੰਜਾਬ ਮੇਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। 5 ਦਸੰਬਰ ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ। ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਪੱਤਰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਕੋਲ ਦਾਖਲ ਕਰਵਾਏ ਜਾਣਗੇ, ਪੰਚਾਇਤ ਸੰਮਤੀ ਦੇ ਬਲਾਕ ਫਿਰੋਜ਼ਪੁਰ ਦੇ ਨਾਮਜ਼ਦਗੀ ਪੱਤਰ ਦਫ਼ਤਰ ਨਾਇਬ ਤਹਿਸੀਲਦਾਰ ਫਿਰੋਜ਼ਪੁਰ, ਬਲਾਕ ਘੱਲ ਖੁਰਦ ਦੇ ਨਾਇਬ ਤਹਿਸੀਲਦਾਰ ਤਲਵੰਡੀ ਭਾਈ, ਜ਼ੀਰਾ ਬਲਾਕ ਦੇ ਦਫ਼ਤਰ ਤਹਿਸੀਲਦਾਰ ਜ਼ੀਰਾ, ਗੁਰਹਰਸਹਾਏ ਬਲਾਕ ਦੇ ਤਹਿਸੀਲ ਕੰਪਲੈਕਸ ਗੁਰੂਹਰਸਹਾਏ, ਮੱਖੂ ਬਲਾਕ ਦੇ ਦਫ਼ਤਰ ਨਾਇਬ ਤਹਿਸੀਲਦਾਰ ਮੱਖੂ ਅਤੇ ਬਲਾਕ ਮਮਦੋਟ ਦੇ ਮਾਰਕੀਟ ਕਮੇਟੀ ਮਮਦੋਟ ‘ਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾਣਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।