ਅਦਾਲਤ ਨੇ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ ਭੇਜਿਆ
ਜਲੰਧਰ, 26 ਜੂਨ (ਪੰਜਾਬ ਮੇਲ)-ਪੁਲਿਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲੰਧਰ ਵਿਚ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਦੋ ਸਾਲ ਪਹਿਲਾਂ ਜਾਅਲੀ ਆਫਰ ਲੈਟਰਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਕੈਨੇਡਾ ਭੇਜਣ ਦੇ ਮਾਮਲੇ ‘ਚ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਖ਼ਬਰਾਂ ਵਿਚ ਆਇਆ ਸੀ, ਜਦੋਂ ਵਿਦਿਆਰਥੀਆਂ ਨੇ ਮਾਮਲੇ ਦੀ ਪੁਸ਼ਟੀ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਬ੍ਰਿਜੇਸ਼ ਮਿਸ਼ਰਾ ਨੇ ਉਨ੍ਹਾਂ ਨੂੰ ਜਾਅਲੀ ਪੱਤਰ ਰਾਹੀਂ ਵਿਦੇਸ਼ ਭੇਜਿਆ ਸੀ।
ਇਸ ਮਾਮਲੇ ਸਬੰਧੀ ਖ਼ਬਰਾਂ ‘ਚ ਆਉਣ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਭਾਰਤ ਆ ਗਿਆ। ਉਸ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 9 ਕੇਸ ਦਰਜ ਹਨ। ਏ.ਡੀ.ਸੀ.ਪੀ. ਨੇ ਕਿਹਾ ਕਿ ਹੁਣ ਮੁਲਜ਼ਮ ਦੁਬਾਰਾ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਖ਼ਿਲਾਫ਼ ਐੱਲ.ਓ.ਸੀ. ਜਾਰੀ ਹੋਣ ਕਾਰਨ ਉਸ ਨੂੰ ਨਵੀਂ ਦਿੱਲੀ ਵਿਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਸਟਾਫ ਨੇ ਰੋਕ ਲਿਆ ਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਲੰਧਰ ਲਿਆਂਦਾ ਗਿਆ। ਇਥੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ 7 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਜਾਅਲੀ ਆਫਰ ਲੈਟਰਾਂ ਰਾਹੀਂ 700 ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ
