ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਦੀ ਸਜ਼ਾ ਖ਼ਿਲਾਫ਼ ਅਪੀਲ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸੀ.ਬੀ.ਆਈ. ਵੱਲੋਂ ਸਮਾਂ ਮੰਗਣ ‘ਤੇ ਝਾੜ ਵੀ ਪਾਈ। ਡੇਰੇ ਦੀਆਂ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਨੇ ਅਗਸਤ 2017 ਵਿਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ 30 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਪਹਿਲੇ ਕੇਸ ਵਿਚ 10 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਦੂਜੇ ਕੇਸ ਵਿਚ 10 ਸਾਲ ਦੀ ਸਜ਼ਾ ਸ਼ੁਰੂ ਹੋਣੀ ਹੈ। ਡੇਰਾ ਮੁਖੀ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ। ਦੋਵੇਂ ਪੀੜਤ ਸਾਧਵੀਆਂ ਨੇ ਉਦੋਂ ਹਾਈ ਕੋਰਟ ਵਿਚ ਅਪੀਲ ਦਾਇਰ ਕਰਕੇ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਦੋਂ ਹਾਈ ਕੋਰਟ ਨੇ ਇਸ ਅਪੀਲ ਨੂੰ ਸਵੀਕਾਰ ਕਰ ਲਿਆ ਸੀ।