ਨਿਊਯਾਰਕ, 31 ਮਾਰਚ (ਪੰਜਾਬ ਮੇਲ)- ਮੈਨਹਟਨ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 2016 ਵਿਚ ਅਮਰੀਕੀ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਚੁੱਪ ਰਹਿਣ ਲਈ ਪੋਰਨ ਸਟਾਰ ਨੂੰ ਕਥਿਤ ਤੌਰ ‘ਤੇ ਪੈਸੇ ਦੇਣ ਦੇ ਦੋਸ਼ ਵਿਚ ਮੁਕੱਦਮਾ ਚਲਾਉਣ ਫੈਸਲਾ ਕੀਤਾ ਹੈ। ਇਸ ਨਾਲ ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ 2017 ਤੋਂ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦੱਸਿਆ ਕਿ ਟਰੰਪ ਦੇ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਹੋਣ ਦੀ ਸੰਭਾਵਨਾ ਹੈ। ਸੁਣਵਾਈ ਸੰਖੇਪ ਹੋਣ ਦੀ ਸੰਭਾਵਨਾ ਹੈ ਜਿਸ ਵਿਚ ਉਸ ਵਿਰੁੱਧ ਦੋਸ਼ਾਂ ਨੂੰ ਪੜ੍ਹ ਕੇ ਸੁਣਾਇਆ ਜਾਵੇਗਾ। ਟਰੰਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।